ਨਵੀਂ ਦਿੱਲੀ: ਦਿੱਲੀ ਵਿੱਚ ਸਟੈਂਡ ਅਲੋਨ ਦੁਕਾਨਾਂ, ਗਲੀ ਮੁਹੱਲੇ ਜਾਂ ਕਲੋਨੀ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਹੋਵੇਗੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਨੂੰ ਰਾਜ ਵਿੱਚ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਫੈਸਲਾ ਲਿਆ ਗਿਆ ਹੈ ਅਤੇ ਸਾਰੀਆਂ ਰਸਮਾਂ ਐਤਵਾਰ ਸਵੇਰ ਤੱਕ ਪੂਰੀਆਂ ਕਰ ਦਿੱਤੀਆਂ ਜਾਣਗੀਆਂ।
ਆਦੇਸ਼ ਦੇ ਅਨੁਸਾਰ ਦੁਕਾਨਾਂ 'ਤੇ ਸਮਾਜਕ ਦੂਰੀ ਅਤੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਹੋਵੇਗੀ। ਉਥੇ ਹੀ ਕੰਟੇਨਮੈਂਟ ਜ਼ੋਨ ਵਿੱਚ ਕਿਸੇ ਵੀ ਗਤੀਵਿਧੀ ਦੀ ਆਗਿਆ ਨਹੀਂ ਹੋਵੇਗੀ।
ਜਾਣਕਾਰੀ ਲਈ ਦੱਸ ਦਈਏ ਕਿ ਕੇਂਦਰ ਸਰਕਾਰ ਨੇ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਇਸ ਬਾਰੇ ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਸਪਸ਼ਟੀਕਰਨ ਜਾਰੀ ਕੀਤਾ ਹੈ। ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਕਿਹੜੀਆਂ ਦੁਕਾਨਾਂ ਬੰਦ ਰਹਿਣਗੀਆਂ ਅਤੇ ਕਿਸ ਨੂੰ ਖੋਲ੍ਹਿਆ ਜਾ ਸਕਦਾ ਹੈ।