ਨਵੀਂ ਦਿੱਲੀ: ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਮੁਹੰਮਦ ਹਸਨ ਨਾਂਅ ਦੇ ਵਿਅਕਤੀ ਦੀ ਅਗਵਾਈ ਵਾਲੀ ਭੀੜ ਨੇ ਗੁਰਦੁਆਰਾ ਸਾਹਿਬ 'ਤੇ ਪੱਥਰਬਾਜ਼ੀ ਕੀਤੀ। ਇਸ ਦੇ ਚਲਦਿਆਂ ਭਾਰਤੀ ਸਿੱਖਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਕੀ ਹੋਇਆ ਸੀ ਨਨਕਾਣਾ ਸਾਹਿਬ
ਮੁਢਲੀਆਂ ਰਿਪੋਰਟਾਂ ਦੇ ਮੁਤਾਬਕ, ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ, ਜਿਸਨੇ ਕੁਝ ਸਮਾਂ ਪਹਿਲਾਂ ਕਥਿਤ ਤੌਰ 'ਤੇ ਸਿੱਖ ਲੜਕੀ ਜਗਜੀਤ ਕੌਰ ਨੂੰ ਅਗਵਾ ਕਰ ਲਿਆ ਸੀ ਜੋ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਧੀ ਹੈ। ਭੀੜ ਨੇ ਸ਼ੁੱਕਰਵਾਰ ਸ਼ਾਮ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰੇ ਵਿੱਚ ਧਾਵਾ ਬੋਲ ਦਿੱਤਾ।
ਮੰਨਿਆ ਜਾ ਰਿਹਾ ਹੈ ਕਿ ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਭਰਾ ਕਰ ਰਿਹਾ ਸੀ, ਜਿਸ ਨੇ ਦੋਸ਼ ਲਗਾਇਆ ਕਿ ਹਸਨ ਨੇ ਕਾਨੂੰਨੀ ਤੌਰ ਉੱਤੇ ਅਤੇ ਸਹਿਮਤੀ ਨਾਲ ਲੜਕੀ ਨਾਲ ਵਿਆਹ ਕਰਵਾਇਆ ਸੀ ਪਰ ਅਧਿਕਾਰੀਆਂ ਵੱਲੋਂ ਉਸ ਨੂੰ ਕੁੱਟਿਆ ਗਿਆ ਅਤੇ ਉਸ ਦੇ ਪਰਿਵਾਰ ਨਾਲ ਧੱਕੇਸ਼ਾਹੀ ਕੀਤੀ। ਪਰਿਵਾਰ ਨੇ ਦਾਅਵਾ ਕੀਤਾ ਕਿ ਸਿੱਖ ਲੜਕੀ ਨੇ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ।
ਹਿੰਸਾ ਕਰਨ ਵਾਲਿਆਂ ਨੇ ਗੁਰਦੁਆਰਾ ਸਾਹਿਬ ਦਾ ਨਾਂਅ ਬਦਲਣ ਦੀ ਦਿੱਤੀ ਧਮਕੀ
ਰਿਪੋਰਟਾਂ ਮੁਤਾਬਕ ਭੀੜ ਨੇ ਨਨਕਾਣਾ ਸਾਹਿਬ ਦੇ ਗੁਰਦੁਆਰੇ ਦਾ ਘਿਰਾਓ ਕੀਤਾ ਅਤੇ ਇਸ ਨੂੰ ਤਬਾਹ ਕਰਨ ਦੀ ਧਮਕੀ ਦਿੱਤੀ। ਕਈ ਸਿੱਖ ਸ਼ਰਧਾਲੂ ਗੁਰਦੁਆਰੇ ਦੇ ਅੰਦਰ ਫਸੇ ਹੋਏ ਦੱਸੇ ਗਏ ਸਨ। ਇੱਕ ਵੀਡੀਓ ਵਿੱਚ ਪ੍ਰਦਰਸ਼ਨਕਾਰੀ ਨਾਅਰੇਬਾਜ਼ੀ ਕਰਦੇ ਹੋਏ ਵਿਖਾਈ ਦਿੱਤੇ ਅਤੇ ਅੰਦੋਲਨਕਾਰੀਆਂ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਉਹ ਨਨਕਾਣਾ ਸਾਹਿਬ ਦਾ ਨਾਂਅ ਬਦਲ ਦੇਣਗੇ।
ਕੈਪਟਨ ਨੇ ਟਵੀਟ ਕਰ ਪਾਕਿ PM ਨੂੰ ਦਖ਼ਲ ਦੇਣ ਦੀ ਕੀਤੀ ਅਪੀਲ
ਪਾਕਿਸਤਾਨ 'ਚ ਭੀੜ ਵੱਲੋਂ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹਮਲਾ ਅਤੇ ਸਿੱਖ ਵਿਰੋਧੀ ਨਾਅਰਿਆਂ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਫੌਰੀ ਤੌਰ 'ਤੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਦੁਆਰੇ ਵਿੱਚ ਫ਼ਸੇ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਗੁੱਸੇ ਵਿੱਚ ਆਈ ਭੀੜ ਨੂੰ ਕਾਬੂ ਕੀਤਾ ਜਾਵੇ।
ਸੁਖਬੀਰ ਬਾਦਲ ਨੇ ਵੀ ਘਟਨਾ ਦੀ ਕੀਤੀ ਨਿਖੇਧੀ
ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੂੰ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕੋਲ ਇਹ ਮੁੱਦਾ ਚੁੱਕਣ ਦੀ ਅਪੀਲ ਕੀਤੀ ਹੈ।
ਘਟਨਾ ਦੌਰਾਨ ਪਾਕਿ PM ਵੱਲੋਂ ਕੀਤਾ ਗਿਆ ਟਵੀਟ ਨਿਕਲਿਆ ਗ਼ਲਤ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਟਵੀਟ ਕੀਤੀ ਗਈ ਵੀਡੀਓ ਨੇ ਉਨ੍ਹਾਂ ਦੀ ਨਾਪਾਕ ਕਰਤੁਤ ਸਾਬਿਤ ਕਰ ਦਿੱਤੀ ਹੈ। ਦੇਸ਼ ਭਰ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਚੱਲ ਰਹੇ ਅੰਦੋਲਨ ਤੇ ਸ਼ੁਕਰਵਾਰ ਨੂੰ ਪਾਕਿਸਤਾਨ ਦੇ ਨਨਕਾਣਾ ਸਾਹਿਬ 'ਤੇ ਹੋਏ ਪਥਰਾਅ ਦੇ ਵਿਚਕਾਰ ਇਮਰਾਨ ਖਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ 'ਚ ਪੁਲਿਸ ਕੁਝ ਲੋਕਾਂ 'ਤੇ ਹਮਲੇ ਕਰ ਰਹੀ ਹੈ। ਪਰ ਉੱਥੇ ਹੀ ਯੂਪੀ ਪੁਲਿਸ ਨੇ ਮੁੜ ਟਵੀਟ ਕਰਕੇ ਕਿਹਾ ਕਿ ਇਹ ਵੀਡੀਓ ਗ਼ਲਤ ਹੈ। ਇਮਰਾਨ ਖ਼ਾਨ ਵੱਲੋਂ ਜਾਰੀ ਟਵਿੱਟਰ 'ਤੇ ਪਾਈ ਗਈ ਵੀਡੀਓ ਦੇ ਟਵੀਟ 'ਤੇ ਯੂਪੀ ਪੁਲਿਸ ਨੇ ਰੀ ਟਵੀਟ ਕਰਦੇ ਹੋਏ ਲਿੱਖਿਆ ਕਿ ਇਹ ਵੀਡੀਓ ਯੂਪੀ ਦਾ ਨਹੀਂ ਸਗੋਂ 2013 ਦਾ ਬੰਗਲਾਦੇਸ਼ ਦਾ ਹੈ। ਜਿਹੜੇ ਮੁਲਾਜ਼ਮ ਲਾਠੀਆਂ ਚਲਾ ਰਹੇ ਹਨ ਉਨ੍ਹਾਂ ਦੇ ਵੈਸਟੈਂ 'ਤੇ ਰੈਬ (ਰੈਪਿਡ ਐਕਸ਼ਨ ਬਟਾਲੀਅਨ) ਲਿੱਖਿਆ ਹੋਇਆ ਹੈ। ਬੁਰੀ ਤਰ੍ਹਾਂ ਟਰੋਲ ਕੀਤੇ ਜਾਣ ਤੋਂ ਬਾਅਦ ਇਮਰਾਨ ਖ਼ਾਨ ਨੇ ਆਖ਼ਰਕਾਰ ਇਸ ਵੀਡੀਓ ਨੂੰ ਹਟਾ ਲਿਆ।
ਭਾਰਤੀ ਵਿਦੇਸ਼ ਮੰਤਰਾਲੇ ਨੇ ਪਥਰਾਅ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
ਭਾਰਤੀ ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਪਵਿੱਤਰਤਾ ਨੂੰ ਸੁਰੱਖਿਅਤ ਰੱਖਣਾ ਯਕੀਨੀ ਬਣਾਵੇ। ਉਨ੍ਹਾਂ ਗੁਆਂਢੀ ਦੇਸ਼ ਨੂੰ ਉਥੋਂ ਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ।