ਨਵੀਂ ਦਿੱਲੀ: ਲੋਕ ਸਭਾ ਸੈਸ਼ਨ ਦੇ ਤੀਜੇ ਦਿਨ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਖੇਤੀਬਾੜੀ ਬਿੱਲ 'ਤੇ ਬੋਲਦਿਆਂ ਕਿਹਾ ਕਿ ਇਹ ਬਿੱਲ ਕਿਸਾਨਾਂ ਦਾ ਖ਼ੂਨ ਨਿਚੋੜ ਦੇਣਗੇ।
ਲੋਕ ਸਭਾ 'ਚ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਰਵਨੀਤ ਬਿੱਟੂ ਹੋਇਆ ਗਰਮ, ਮੋਦੀ ਤੇ ਬਾਦਲਾਂ ਨੂੰ ਲਾਏ ਰਗੜੇ ਰਵਨੀਤ ਬਿੱਟੂ ਨੇ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਬਿੱਟੂ ਨੇ ਕਿਹਾ ਕਿ ਜੇ ਖੇਤੀ ਕਾਨੂੰਨ ਬਣ ਗਿਆ ਤਾਂ ਕਿਸਾਨ ਤਬਾਹ ਹੋ ਜਾਣਗੇ। ਬਿੱਟੂ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਪੰਜਾਬ ਵਰਗੇ ਰਾਜਾਂ ਤੋਂ ਮੰਡੀ ਫੀਸ ਖੁੱਸ ਜਾਵੇਗੀ ਤੇ ਸਾਲਾਨਾ 3600 ਕਰੋੜ ਰੁਪਏ ਦਾ ਵੱਧ ਨੁਕਸਾਨ ਹੋਵੇਗਾ ਤੇ ਦਿਹਾਤੀ ਇਲਾਕਿਆਂ ਵਿੱਚ ਸੜਕਾਂ ਬਣਾਉਣ ਲਈ ਪੈਸੇ ਨਹੀਂ ਰਹਿਣਗੇ।
ਬਿੱਟੂ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਜੀਐਸਟੀ ਲਾ ਕੇ ਸਾਡੇ ਕੋਲ ਟੈਕਸ ਖੋਹ ਲਏ ਤੇ ਹੁਣ ਇਸ ਬਿੱਲ ਰਾਹੀਂ ਮੰਡੀ ਫੀਸ ਵੀ ਖੋਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਨੌਜਵਾਨ ਸਰਹੱਦਾਂ 'ਤੇ ਫੌਜੀ ਬਣ ਕੇ ਦੇਸ਼ ਦੀ ਸੇਵਾ ਕਰ ਰਹੇ ਹਨ ਤੇ ਕਿਸਾਨ ਦੇਸ਼ ਦੇ ਲੋਕਾਂ ਦਾ ਢਿੱਡ ਭਰ ਰਹੇ ਹਨ ਪਰ ਕੇਂਦਰ ਸਰਕਾਰ ਪੰਜਾਬ ਨੂੰ ਖਤਮ ਕਰਨ 'ਤੇ ਤੁਲੀ ਹੈ।
ਰਵਨੀਤ ਬਿੱਟੂ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਸਪੀਕਰ ਨੂੰ ਪੁੱਛਿਆ ਕਿ ਪਰਸੋਂ ਕਿਹੜੀ ਵੋਟਿੰਗ ਹੋਈ ਸੀ ਤੇ ਸੁਖਬੀਰ ਵੋਟਿੰਗ ਨੂੰ ਲੈ ਕੇ ਝੂਠ ਬੋਲ ਰਹੇ ਹਨ। ਇਸ ਦੇ ਨਾਲ ਹੀ ਬਿੱਟੂ ਨੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਕੋਲੋਂ ਅਸਤੀਫ਼ੇ ਦੀ ਮੰਗ ਵੀ ਕੀਤੀ।