ਨਵੀਂ ਦਿੱਲੀ: ਕਸ਼ਮੀਰ ਲਾਕਡਾਊਨ ਮਾਮਲੇ ਉੱਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਦਰਅਸਲ 5 ਅਗਸਤ 2019 ਤੋਂ ਬਾਅਦ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ਵਿੱਚ ਪਾਬੰਧੀ ਦੀਆਂ ਖ਼ਬਰਾ ਸਾਹਮਣੇ ਆ ਰਹੀਆਂ ਹਨ।
ਕੇਂਦਰ ਸਰਕਾਰ ਵੱਲੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਅਤੇ ਇੰਟਰਨੈੱਟ ਪਾਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ਉੱਤੇ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ।
ਇਸ ਤੋਂ ਪਹਿਲਾਂ 27 ਨਵੰਬਰ ਨੂੰ ਜਸਟਿਸ ਰਮਨਾ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਬੀਆਰ ਗਵਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਸ਼ਮੀਰ ਲਾਕਡਾਊਨ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਇੱਕ ਸਮੂਹ ਉੱਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਅਦਾਲਤ ਨੇ ਕਸ਼ਮੀਰ ਤੋਂ ਪ੍ਰਕਾਸ਼ਿਤ ਹੋਣ ਵਾਲੀ ਅਖਬਾਰ ਦੀ ਸੰਪਾਦਕ ਅਨੁਰਾਧਾ ਭਸੀਨ, ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਗੁਲਾਮ ਨਬੀ ਆਜ਼ਾਦ ਅਤੇ ਕੁੱਝ ਹੋਰਾਂ ਦੀ ਪਟੀਸ਼ਨ ਉੱਤੇ ਸੁਣਵਾਈ ਕੀਤੀ ਹੈ।
ਇਸ ਮਾਮਲੇ ਵਿੱਚ ਕੇਂਦਰ ਸਰਕਾਰ ਵੱਲੋਂ ਅਟਾਰਨੀ ਜਨਰਲ ਕੇ ਕੇ ਵੇਣੁਗੋਪਾਲ ਜਦਕਿ ਜੰਮੂ-ਕਸ਼ਮੀਰ ਵੱਲੋਂ ਸਾਲੀਸੀਲਟਰ ਜਨਰਲ ਤੁਸ਼ਾਰ ਮਹਿਤਾ ਨੇ ਪੈਰਵੀ ਕੀਤੀ ਸੀ। ਸ਼ਿਕਾਇਤਕਰਤਾਵਾਂ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਅਤੇ ਵਰਿੰਦਾ ਗ੍ਰੋਵਰ ਨੇ ਪੈਰਵੀ ਕੀਤੀ ਸੀ।
ਸੁਣਵਾਈ ਦੌਰਾਨ ਜਸਟਿਸ ਰਮਨਾ ਨੇ ਇੱਕ ਵਾਰ ਮੁੜ ਕਿਹਾ ਸੀ ਕਿ ਅਦਾਲਤ ਲੋਕਾਂ ਦੇ ਮੌਲਿਕ ਅਧਿਕਾਰਾਂ ਅਤੇ ਰਾਸ਼ਟਰੀ ਸੁਰੱਖਿਆ ਵਿਚਾਲੇ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕਰੇਗੀ।
ਦਰਅਸਲ ਸੁਪਰੀਮ ਕੋਰਟ ਵਿੱਚ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਾ ਦਰਜਾ ਵਾਪਸ ਲਏ ਜਾਣ ਦੇ 5 ਅਗਸਤ ਦੇ ਫ਼ੈਸਲੇ ਤੋਂ ਬਾਅਦ ਇੰਟਰਨੈਟ ਸੇਵਾਵਾਂ ਦੇ ਨਾਲ-ਨਾਲ ਟੈਲੀਫੋਨ ਸੇਵਾਵਾਂ ਅਤੇ ਹੋਰ ਲਗਾਈਆਂ ਗਈਆਂ ਪਾਬੰਦੀਆਂ ਨੂੰ ਚੁਣੌਤੀ ਦਿੱਤੀ ਗਈ ਹੈ। ਇਨ੍ਹਾਂ ਪਟੀਸ਼ਨਾਂ ਵਿੱਚ ਕਾਂਗਰਸ ਆਗੂ ਗੁਲਾਮ ਨਬੀ ਆਜ਼ਾਦ ਸਣੇ ਕਈ ਹੋਰ ਲੋਕਾਂ ਨੇ ਸੁਪਰੀਮ ਕੋਰਟ ਨੂੰ ਦਿਸ਼ਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।