ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਦਾ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਬੁਧਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 11,933 ਹੋ ਗਈ ਹੈ। ਸਿਹਤ ਮੰਤਰਾਲੇ ਮੁਤਾਬਕ ਇਨ੍ਹਾਂ 11,933 ਮਰੀਜ਼ਾਂ ਵਿੱਚੋਂ 1344 ਮਰੀਜ਼ਾਂ ਦਾ ਸਫ਼ਲ ਇਲਾਜ ਵੀ ਕੀਤਾ ਗਿਆ ਹੈ। ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਵਿੱਚ 392 ਮੌਤਾਂ ਵੀ ਹੋਈਆਂ ਹਨ।
ਸਾਰੇ ਜ਼ਿਲ੍ਹਿਆਂ ਨੂੰ 3 ਜ਼ੋਨਾਂ ਵਿੱਚ ਵੰਡਿਆ
ਦੇਸ਼ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ 'ਤੇ ਸਰਕਾਰ ਅਤੇ ਸਿਹਤ ਮੰਤਰਾਲੇ ਨੇ ਲਗਾਤਾਰ ਨਜ਼ਰ ਬਣਾਈ ਹੋਈ ਹੈ। ਸਿਹਤ ਮੰਤਰਾਲੇ ਨੇ ਇੱਕ ਪ੍ਰੈਸ ਕਾਨਫ਼ਰੰਸ ਰਾਹੀਂ ਦੱਸਿਆ ਕਿ ਦੇਸ਼ ਦੇ ਸਾਰੇ ਜ਼ਿਲ੍ਹਿਆਂ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਜਾ ਰਿਹਾ ਹੈ। ਦੇਸ਼ ਦੇ 170 ਜ਼ਿਲ੍ਹੇ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੌਟ-ਸਪੌਟ ਕੈਟਗਰੀ 'ਚ ਹਨ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ 207 ਜ਼ਿਲ੍ਹੇ ਗ਼ੈਰ-ਹੌਟ-ਸਪੌਟ ਕੈਟਗਰੀ 'ਚ ਹਨ।
ਸੂਬਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ
ਸਿਹਤ ਮੰਤਰਾਲੇ ਦੇ ਅਨੁਸਾਰ ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦੀ ਲਾਗ ਵਾਲੇ ਹੌਟ-ਸਪੌਟਸ ਨਾਲ ਨਜਿੱਠਣ ਲਈ ਸੂਬਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਹੌਟ-ਸਪੌਟਸ ਅਤੇ ਗ੍ਰੀਨ ਜ਼ੋਨਾਂ ਦੀ ਪਛਾਣ ਕੀਤੀ ਗਈ ਹੈ। ਹੌਟ-ਸਪੌਟ ਵਾਲੇ ਖੇਤਰਾਂ 'ਚ ਘਰ-ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ। ਸਾਰੇ ਸੂਬਿਆਂ ਨੂੰ ਜ਼ਮੀਨੀ ਪੱਧਰ 'ਤੇ ਰਣਨੀਤੀ ਅਪਨਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।