ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸੂਬਿਆਂ ਨੂੰ ਅਪੀਲ ਕੀਤੀ ਕਿ ਉਹ ਇਹ ਵੇਖਣ ਕਿ ਇਕ ਦੋ ਦਿਨਾਂ ਦੀ ਤਾਲਾਬੰਦੀ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਕਿੰਨੀ ਕੁ ਪ੍ਰਭਾਵਸ਼ਾਲੀ ਹੈ ਅਤੇ ਇਸ ਦਾ ਸੂਬੇ ਵਿਚ ਆਰਥਿਕ ਗਤੀਵਿਧੀਆਂ 'ਤੇ ਕੀ ਅਸਰ ਪੈ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਨੂੰ ਮੈਡੀਕਲ ਆਕਸੀਜਨ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਲਈ ਦੂਜੇ ਰਾਜਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਨਿਰਦੇਸ਼ ਦੀ ਮੰਗ ਕੀਤੀ।
ਉਨ੍ਹਾਂ ਨੇ ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਸਣੇ 7 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਅਤੇ ਸਿਹਤ ਮੰਤਰੀਆਂ ਨਾਲ ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਇਹ ਗੱਲ ਕਹੀ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਮੀਟਿੰਗ ਵਿੱਚ ਸ਼ਾਮਲ ਹੋਏ।
ਮੋਦੀ ਨੇ ਕਿਹਾ ਕਿ ਪਿਛਲੇ ਮਹੀਨਿਆਂ ਵਿੱਚ ਕੋਰੋਨਾ ਇਲਾਜ ਨਾਲ ਸਬੰਧਤ ਸਹੂਲਤਾਂ ਦਾ ਵਿਕਾਸ ਹੋਇਆ ਹੈ, ਉਨ੍ਹਾਂ ਨਾਲ ਕੋਰੋਨਾ ਦਾ ਮੁਕਾਬਲਾ ਕਰਨ ਵਿੱਚ ਬਹੁਤ ਮਦਦ ਮਿਲ ਰਹੀ ਹੈ।