ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਗੈਂਗਰੇਪ ਪੀੜਤਾ ਦੀ ਅੱਜ ਮੌਤ ਹੋ ਗਈ। ਪੀੜਤ ਲੜਕੀ ਨੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। 14 ਸਤੰਬਰ ਨੂੰ ਚੰਦਪਾ ਥਾਣਾ ਖੇਤਰ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਹੋਇਆ ਸੀ। ਸਮੂਹਿਕ ਜਬਰ ਜਨਾਹ ਤੋਂ ਬਾਅਦ ਉਸ 'ਤੇ ਜਾਨਲੇਵਾ ਹਮਲਾ ਵੀ ਕੀਤਾ ਗਿਆ ਸੀ।
ਇਸ ਮਾਮਲੇ ਵਿੱਚ ਦਿੱਲੀ ਸਰਕਾਰ ਦੇ ਮੰਤਰੀ ਰਾਜੇਂਦਰ ਪਾਲ ਗੌਤਮ ਨੇ ਕਿਹਾ ਹੈ ਕਿ ਅੱਜ ਉੱਤਰ ਪ੍ਰਦੇਸ਼ ਵਿੱਚ ਇੱਕ ਜੰਗਲ ਰਾਜ ਹੈ। ਉਨ੍ਹਾਂ ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਸਾਰੀ ਘਟਨਾ ਨੂੰ ਸਰਕਾਰ ਅਤੇ ਸਮਾਜ ਲਈ ਸ਼ਰਮਿੰਦਗੀ ਦੱਸਿਆ ਹੈ।
ਹਾਥਰਸ ਵਿੱਚ ਹੋਏ ਸਮੂਹਿਕ ਬਲਾਤਕਾਰ ਪੀੜਤਾ ਦੀ ਮੌਤ ਤੋਂ ਬਾਅਦ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਸਫਦਰਜੰਗ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ। ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ‘ਕੋਈ ਵੀ ਭੈਣ ਧੀ ਯੋਗੀ ਰਾਜ ਵਿੱਚ ਸੁਰੱਖਿਅਤ ਨਹੀਂ ਹੈ ਅਤੇ ਜੇ ਯੂਪੀ ਪੁਲਿਸ ਕੇਸ ਦਰਜ ਕਰ ਦਿੰਦੀ ਅਤੇ ਡਾਕਟਰ ਪਹਿਲਾਂ ਹੀ ਬਲਾਤਕਾਰ ਪੀੜਤ ਲੜਕੀ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਉਂਦੇ ਤਾਂ ਸ਼ਾਇਦ ਅੱਜ ਉਹ ਜ਼ਿੰਦਾ ਹੁੰਦੀ।
ਚੰਦਰਸ਼ੇਖਰ ਨੇ ਯੋਗੀ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ 'ਯੋਗੀ ਸਰਕਾਰ ਦਲਿਤਾਂ ਦੀ ਦੁਸ਼ਮਣ ਹੈ। ਯੋਗੀ ਸਰਕਾਰ ਔਰਤਾਂ ਲਈ ਕੰਮ ਨਹੀਂ ਕਰ ਰਹੀ।' ਉਨ੍ਹਾਂ ਨੇ ਇਹ ਵੀ ਕਿਹਾ ਕਿ 'ਚਾਰਾਂ ਮੁਲਜ਼ਮਾਂ ਨੂੰ ਫਾਂਸੀ ਦੇਣੀ ਚਾਹੀਦੀ ਹੈ।'
ਏਡੀਜੀ ਦਾ ਬਿਆਨ
ਰਾਜ ਦੇ ਏਡੀਜੀ ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਚਾਰਜਸ਼ੀਟ ਲਗਾਵਾਂਗੇ ਅਤੇ ਇਸ ਕੇਸ ਨੂੰ ਫਾਸਟ ਟਰੈਕ ਕਰਨ ਅਤੇ ਦੋਸ਼ੀਆਂ ਨੂੰ ਵੱਧ ਤੋਂ ਵੱਧ ਸਜ਼ਾ ਦਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਹਾਥਰਸ ਦੇ ਡੀਐਮ ਨੇ ਦਿੱਤੀ ਜਾਣਕਾਰੀ
ਹਾਥਰਸ ਦੇ ਜ਼ਿਲ੍ਹਾ ਮੈਜਿਸਟਰੇਟ ਪ੍ਰਵੀਨ ਲਕਸ਼ਕਾਰ ਨੇ ਕਿਹਾ ਕਿ ਪੀੜਤ ਲੜਕੀ ਨੂੰ ਐਸਸੀ/ਐਸਟੀ ਐਕਟ ਤਹਿਤ 4,12,500 ਰੁਪਏ ਦੀ ਰਾਸ਼ੀ ਦਿੱਤੀ ਗਈ ਸੀ ਅਤੇ ਬਾਕੀ ਦੀ ਰਕਮ ਅੱਜ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁੱਲ 10 ਲੱਖ ਦੀ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਫਾਸਟ ਟਰੈਕ ਕੋਰਟ ਬਣਾ ਕੇ ਦੋਸ਼ੀਆਂ ਨੂੰ ਜਲਦੀ ਹੀ ਸਜ਼ਾ ਦਿੱਤੀ ਜਾਵੇਗੀ।