ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਉਨਾਓ ਬਲਾਤਕਾਰ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। ਇਸ ਤੋਂ ਇਲਾਵਾ ਪੀੜਤ ਪਰਿਵਾਰ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਘਰ ਵੀ ਦਿੱਤਾ ਜਾਵੇਗਾ। ਇਸ ਦੇ ਨਾਲ ਸੂਬਾ ਸਰਕਾਰ ਫਾਸਟ ਟਰੈਕ ਅਦਾਲਤਾਂ ਦੇ ਗਠਨ ਦੀ ਸਿਫਾਰਸ਼ ਵੀ ਕਰੇਗੀ।
ਯੋਗੀ ਸਰਕਾਰ ਉਨਾਓ ਸਮੂਹਿਕ ਬਲਾਤਕਾਰ ਪੀੜਤ ਦੇ ਪਰਿਵਾਰ ਨੂੰ ਦਵੇਗੀ 25 ਲੱਖ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਬਲਾਤਕਾਰ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ।
ਇਸ ਤੋਂ ਪਹਿਲਾਂ ਪੀੜਤ ਦੀ ਮੌਤ ਤੋਂ ਬਾਅਦ ਯੋਗੀ ਆਦਿੱਤਿਆਨਾਥ ਦੇ ਨਿਰਦੇਸ਼ਾਂ 'ਤੇ ਮੰਤਰੀਆਂ ਕਮਲ ਰਾਣੀ, ਵਰੁਣ ਅਤੇ ਸਵਾਮੀ ਪ੍ਰਸਾਦ ਮੌਰਿਆ ਉਨਾਓ ਪਹੁੰਚੇ। ਉਨਾਓ 'ਚ ਕਾਂਗਰਸ ਨੇਤਾਵਾਂ ਨੇ ਯੂਪੀ ਸਰਕਾਰ ਦੇ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਕਾਲੀਆਂ ਪੱਟੀਆਂ ਦਿਖਾਈਆਂ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਖਿੱਚਧੁੱਹ ਵੀ ਹੋਈ।
ਜ਼ਿਕਰਯੋਗ ਹੈ ਕਿ ਬਲਾਤਕਾਰ ਦੇ ਦੋਸ਼ੀ ਸਣੇ 5 ਲੋਕਾਂ ਨੇ ਕਥਿਤ ਤੌਰ 'ਤੇ ਪੀੜਤ ਕੁੜੀ ਨੂੰ ਅੱਗ ਲਾ ਕੇ ਸਾੜੇ ਜਾਣ ਮਗਰੋਂ ਪੀੜਤ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਉਹ 90 ਫ਼ੀਸਦ ਤੱਕ ਸੜ ਗਈ ਸੀ। ਪੀੜਤ ਲੜਕੀ ਨੂੰ ਬੇਹਤਰ ਇਲਾਜ ਲਈ ਏਅਰ ਐਂਬੂਲੈਂਸ ਜ਼ਰੀਏ ਲਖਨਊ ਤੋਂ ਦਿੱਲੀ ਲਿਆਂਦਾ ਗਿਆ ਸੀ। ਪੀੜਤ ਲੜਕੀ ਦੀ ਸ਼ੁੱਕਰਵਾਰ ਰਾਤ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਖੇ ਮੌਤ ਹੋ ਗਈ। ਹਸਪਤਾਲ ਦੇ ਇੱਕ ਸੀਨੀਅਰ ਡਾਕਟਰ ਨੇ ਕਿਹਾ ਕਿ ਪੀੜਤ ਕਾਫੀ ਦੁਖੀ ਸੀ। ਉਹ ਆਪਣੇ ਆਪ ਨੂੰ ਬਚਾਉਣ ਲਈ ਮਿੰਨਤਾਂ ਕਰ ਰਹੀ ਸੀ।