ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿਲਕਿਸ ਬਾਨੋ ਕੇਸ (BILKIS BANO CASE) ਵਿੱਚ ਬਲਾਤਕਾਰ ਅਤੇ ਕਤਲ ਦੇ 11 ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ। ਰਾਹੁਲ ਨੇ ਆਰੋਪ ( RAHUL GANDHI TARGETS MODI GOVT) ਲਗਾਇਆ ਕਿ ਪੂਰਾ ਦੇਸ਼ ਪ੍ਰਧਾਨ ਮੰਤਰੀ ਦੀ ਕਹਿਣੀ ਤੇ ਕਰਨੀ ਵਿੱਚ ਫਰਕ ਦੇਖ ਰਿਹਾ ਹੈ।
ਕਾਂਗਰਸ ਆਗੂ ਨੇ ਇਸ ਮਾਮਲੇ ਨੂੰ ਲੈ ਕੇ ਉਸ ਸਮੇਂ ਪ੍ਰਧਾਨ ਮੰਤਰੀ 'ਤੇ ਨਿਸ਼ਾਨਾ ਸਾਧਿਆ ਸੀ। ਸੁਤੰਤਰਤਾ ਦਿਵਸ ਦੇ ਮੌਕੇ 'ਤੇ ਲਾਲ ਕਿਲ੍ਹੇ ਤੋਂ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਸੀ ਕਿ ਔਰਤਾਂ ਦਾ ਸਨਮਾਨ ਭਾਰਤ ਦੀ ਤਰੱਕੀ ਲਈ ਅਹਿਮ ਥੰਮ੍ਹ ਹੈ। ਉਨ੍ਹਾਂ ਨੇ 'ਨਾਰੀ ਸ਼ਕਤੀ' ਦਾ ਸਮਰਥਨ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਸੀ।
ਗੁਜਰਾਤ ਵਿੱਚ ਬਿਲਕਿਸ ਬਾਨੋ (BILKIS BANO CASE) ਸਮੂਹਿਕ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਏ ਗਏ ਸਾਰੇ 11 ਦੋਸ਼ੀਆਂ ਨੂੰ ਸੋਮਵਾਰ ਨੂੰ ਰਿਹਾਅ ਕਰ ਦਿੱਤਾ ਗਿਆ। ਹੁਣ ਰਾਹੁਲ ਗਾਂਧੀ ਨੇ ਇਸ ਮਾਮਲੇ 'ਤੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
ਰਾਹੁਲ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਕੇ ਲਿਖਿਆ ਕਿ 'ਆਜ਼ਾਦੀ ਕੇ ਅੰਮ੍ਰਿਤ ਮਹੋਤਸਵ' ਦੌਰਾਨ 5 ਮਹੀਨੇ ਦੀ ਗਰਭਵਤੀ ਔਰਤ ਨਾਲ ਬਲਾਤਕਾਰ ਕਰਨ ਅਤੇ ਉਸ ਦੀ 3 ਸਾਲ ਦੀ ਬੱਚੀ ਦੀ ਹੱਤਿਆ ਕਰਨ ਵਾਲਿਆਂ ਨੂੰ ਰਿਹਾਅ ਕਰ ਦਿੱਤਾ ਗਿਆ। ਨਾਰੀ ਸ਼ਕਤੀ ਦੀ ਗੱਲ ਕਰਨ ਵਾਲੇ ਦੇਸ਼ ਦੀਆਂ ਔਰਤਾਂ ਨੂੰ ਕੀ ਸੁਨੇਹਾ ਦੇ ਰਹੇ ਹਨ ? ਪ੍ਰਧਾਨ ਮੰਤਰੀ ਜੀ, ਤੁਹਾਡੀ ਕਹਿਣੀ ਅਤੇ ਕਰਨੀ ਵਿੱਚ ਫਰਕ ਪੂਰਾ ਦੇਸ਼ ਦੇਖ ਰਿਹਾ ਹੈ।