ਨਵੀਂ ਦਿੱਲੀ : 2024 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਭਾਜਪਾ ਨੇ ਸੰਗਠਨਾਤਮਕ ਪੱਧਰ 'ਤੇ ਫੇਰਬਦਲ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਾਜਪਾ ਸੰਗਠਨ 'ਚ ਫੇਰਬਦਲ ਦੀ ਇਸ ਪ੍ਰਕਿਰਿਆ ਦੇ ਤਹਿਤ ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਨੇ ਆਂਧਰਾ ਪ੍ਰਦੇਸ਼, ਤੇਲੰਗਾਨਾ, ਪੰਜਾਬ ਅਤੇ ਝਾਰਖੰਡ 'ਚ ਨਵੇਂ ਸੂਬਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸਾਬਕਾ ਕੇਂਦਰੀ ਮੰਤਰੀ ਡੀ. ਪੁਰੰਡੇਸ਼ਵਰੀ ਨੂੰ ਆਂਧਰਾ ਪ੍ਰਦੇਸ਼ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਦੂਜੇ ਪਾਸੇ ਮੌਜੂਦਾ ਕੇਂਦਰੀ ਮੰਤਰੀ ਜੀ. ਕਿਸ਼ਨ ਰੈੱਡੀ ਨੂੰ ਚੋਣਾਵੀ ਰਾਜ ਤੇਲੰਗਾਨਾ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਕਾਂਗਰਸ ਤੋਂ ਭਾਜਪਾ 'ਚ ਆਏ ਸੁਨੀਲ ਜਾਖੜ ਨੂੰ ਪੰਜਾਬ ਸੂਬੇ ਦੀ ਕਮਾਨ ਸੌਂਪੀ ਗਈ ਹੈ, ਜਦਕਿ ਝਾਰਖੰਡ 'ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਬਾਬੂਲਾਲ ਮਰਾਂਡੀ ਨੂੰ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸੇ ਲੜੀ ਤਹਿਤ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤੇਲੰਗਾਨਾ ਵਿੱਚ ਭਾਜਪਾ ਹਾਈਕਮਾਂਡ ਨੇ ਮੌਜੂਦਾ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੂੰ ਸੂਬਾ ਪ੍ਰਧਾਨ ਬਣਾਉਣ ਤੋਂ ਇਲਾਵਾ ਸੂਬੇ ਦੇ ਸਾਬਕਾ ਮੰਤਰੀ ਈਤੇਲਾ ਰਾਜੇਂਦਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।