ਨਵੀਂ ਦਿੱਲੀ: ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਕੇਂਦਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਕਿਸਾਨ ਦਿੱਲੀ ਪਹੁੰਚ ਚੁੱਕੇ ਹਨ। ਫਿਲਹਾਲ ਕਿਸਾਨਾਂ ਨੂੰ ਦਿੱਲੀ-ਹਰਿਆਣਾ ਦੇ ਬਾਰਡਰ 'ਤੇ ਰੋਕ ਦਿੱਤਾ ਗਿਆ ਹੈ। ਕਿਸਾਨਾਂ ਦੀ ਆਵਾਜ਼ ਅਣਸੁਣੀ ਕਰਨ 'ਤੇ ਸ਼ਿਵ ਸੈਨਾ ਦੇ ਆਗੂ ਸੰਜੇ ਰਾਓਤ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
ਭਾਜਪਾ ਵੱਲੋਂ ਕਿਸਾਨਾਂ ਨੂੰ ਖਾਲਿਸਤਾਨੀ ਕਹਿਣਾ ਕਿਸਾਨਾਂ ਦਾ ਅਪਮਾਨ: ਸੰਜੇ ਰਾਓਤ - ਸ਼ਿਵ ਸੈਨਾ
ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਆਪਣੇ ਹੱਕਾਂ ਲਈ ਦਿੱਲੀ ਤੇ ਹਰਿਆਣਾ ਦੇ ਬਾਰਡਰ ਤੱਕ ਪਹੁੰਚ ਚੁੱਕੇ ਹਨ। ਸ਼ਿਵ ਸੈਨਾ ਦੇ ਆਗੂ ਸੰਜੇ ਰਾਓਤ ਨੇ ਭਾਜਪਾ ਵੱਲੋਂ ਕਿਸਾਨਾਂ ਨੂੰ ਖਾਲਿਤਸਤਾਨੀ ਕਹੇ ਜਾਣ ਨੂੰ ਕਿਸਾਨਾਂ ਦਾ ਅਪਮਾਨ ਦੱਸਿਆ ਹੈ।
ਸੰਜੇ ਰਾਓਤ ਨੇ ਕਿਹਾ ਕਿ ਜਿਸ ਢੰਗ ਦਾ ਕਿਸਾਨਾਂ ਨਾਲ ਸਲੂਕ ਕੀਤਾ ਜਾ ਰਿਹਾ ਹੈ, ਉਸ ਤੋਂ ਇੰਝ ਲੱਗਦਾ ਹੈ ਕਿ ਉਹ ਅੱਤਵਾਦੀ ਹਨ। ਉਨ੍ਹਾਂ ਨੂੰ ਖਾਲਿਸਤਾਨੀ ਦੱਸਿਆ ਜਾ ਰਿਹਾ ਹੈ। ਭਾਜਪਾ ਵੱਲੋਂ ਇਹ ਕਹਿਣਾ ਕਿਸਾਨਾਂ ਦਾ ਅਪਮਾਨ ਹੈ।
ਰਾਉਤ ਨੇ ਕਿਹਾ, "ਜਿਸ ਤਰ੍ਹਾਂ ਕਿਸਾਨਾਂ ਨੂੰ ਦਿੱਲੀ 'ਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ, ਅਜਿਹਾ ਲੱਗਦਾ ਹੈ ਜਿਵੇਂ ਉਹ ਇਸ ਦੇਸ਼ ਨਾਲ ਸਬੰਧਤ ਨਹੀਂ ਹਨ। ਉਨ੍ਹਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਗਿਆ ਹੈ। ਕਿਉਂਕਿ ਉਹ ਸਿੱਖ ਹਨ ਤੇ ਪੰਜਾਬ ਤੇ ਹਰਿਆਣਾ ਤੋਂ ਆਏ ਹਨ, ਉਨ੍ਹਾਂ ਨੂੰ ਖਾਲਿਸਤਾਨੀ ਕਿਹਾ ਜਾ ਰਿਹਾ ਹੈ। ਇਹ ਕਿਸਾਨਾਂ ਦਾ ਅਪਮਾਨ ਹੈ।"