ਨਵੀਂ ਦਿੱਲੀ: ਕਰਨਾਟਕ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਵਿਚਾਲੇ ਮੰਥਨ ਚੱਲ ਰਿਹਾ ਹੈ। ਕਰਨਾਟਕ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ 189 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕਰਨਾਟਕ ਦੇ ਮੁੱਖ ਮੰਤਰੀ ਬੋਮਈ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੂਬੇ ਵਿੱਚ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਨਵੀਂ ਦਿੱਲੀ ਵਿੱਚ ਮੀਟਿੰਗ ਕੀਤੀ। ਕੇਂਦਰੀ ਮੰਤਰੀ ਨੇ ਇਸ ਭਾਜਪਾ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਨੇ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਨਾਮਜ਼ਦ ਕੀਤੇ ਗਏ 189 ਉਮੀਦਵਾਰਾਂ ਵਿੱਚੋਂ 52 ਨਵੇਂ ਹਨ। ਅਰੁਣ ਸਿੰਘ ਨੇ ਕਿਹਾ ਕਿ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਸ਼ਿਗਾਓਂ ਹਲਕੇ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਬੀਐਸ ਯੇਦੀਯੁਰੱਪਾ ਦੇ ਪੁੱਤਰ ਵਿਜੇਂਦਰ ਸ਼ਿਕਾਰੀਪੁਰਾ ਸੀਟ ਤੋਂ ਚੋਣ ਲੜਨਗੇ, ਜਦਕਿ ਰਾਜ ਮੰਤਰੀ ਬੀ ਸ਼੍ਰੀਰਾਮੁਲੂ ਬੇਲਾਰੀ ਗ੍ਰਾਮੀਣ ਸੀਟ ਤੋਂ ਚੋਣ ਲੜਨਗੇ।
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਕਰਨਾਟਕ ਦੇ ਇੰਚਾਰਜ ਅਰੁਣ ਸਿੰਘ ਨੇ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਭਾਜਪਾ ਦੇ ਚੋਟੀ ਦੇ ਆਗੂਆਂ ਨੇ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ ਅਤੇ ਉਸ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਸਿੰਘ ਨੇ ਦੱਸਿਆ ਕਿ ਪਾਰਟੀ ਨੇ 52 ਨਵੇਂ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਅਨੁਸਾਰ, 189 ਉਮੀਦਵਾਰਾਂ ਦੀ ਸੂਚੀ ਵਿੱਚ, 32 ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਤੋਂ ਹਨ, ਜਦੋਂ ਕਿ 30 ਅਨੁਸੂਚਿਤ ਜਾਤੀਆਂ ਅਤੇ 16 ਅਨੁਸੂਚਿਤ ਜਨਜਾਤੀਆਂ ਦੇ ਹਨ।