ਨਵੀਂ ਦਿੱਲੀ :ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਕੁਸ਼ਤੀ ਮਹਾਸੰਘ ਦੇ ਸਾਬਕਾ ਸਕੱਤਰ ਵਿਨੋਦ ਤੋਮਰ ਨੂੰ ਵੀਰਵਾਰ ਨੂੰ ਨਿਯਮਤ ਜ਼ਮਾਨਤ ਮਿਲ ਗਈ ਹੈ। ਜਾਣਕਾਰੀ ਮੁਤਾਬਿਕ ਰੋਜ਼ ਐਵੇਨਿਊ ਅਦਾਲਤ ਦੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਇਹ ਫੈਸਲਾ ਸੁਣਾਇਆ। ਇਸ ਦੇ ਨਾਲ ਹੀ ਬ੍ਰਿਜ ਭੂਸ਼ਣ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਇੱਕ ਬਹੁਤ ਹੀ ਦਿਲਚਸਪ ਘਟਨਾ ਵੀ ਵਾਪਰੀ ਹੈ। ਦਰਅਸਲ, ਅਦਾਲਤ ਨੇ ਦਿੱਲੀ ਪੁਲਿਸ ਨੂੰ ਪੁੱਛਿਆ ਕਿ ਕੀ ਤੁਸੀਂ ਜ਼ਮਾਨਤ ਦਾ ਵਿਰੋਧ ਕਰਦੇ ਹੋ? ਤਾਂ ਇਸ 'ਤੇ ਦਿੱਲੀ ਪੁਲਿਸ ਦੇ ਵਕੀਲ ਨੇ ਕਿਹਾ ਕਿ ਸਾਨੂੰ ਕੋਈ ਪਰੇਸ਼ਾਨੀ ਨਹੀਂ ਹੈ। ਅਦਾਲਤ ਨੂੰ ਕਾਨੂੰਨ ਅਨੁਸਾਰ ਫੈਸਲਾ ਕਰਨਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ ਅਦਾਲਤ ਨੇ ਬ੍ਰਿਜ ਭੂਸ਼ਣ ਨੂੰ ਦੋ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਸੀ। ਅਦਾਲਤ ਨੇ 7 ਜੁਲਾਈ ਨੂੰ ਦਿੱਲੀ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਦੋਵਾਂ ਨੂੰ ਸੰਮਨ ਜਾਰੀ ਕਰਕੇ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਸੀ। ਮੁਲਜ਼ਮ ਨੂੰ ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ 15 ਜੂਨ ਨੂੰ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਦੇ ਖਿਲਾਫ ਛੇ ਬਾਲਗ ਮਹਿਲਾ ਪਹਿਲਵਾਨਾਂ ਦੁਆਰਾ ਦਰਜ ਕੀਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਸੀ।