ਨਵੀਂ ਦਿੱਲੀ:ਸੰਸਦ ਦੇ ਬਜਟ ਸੈਸ਼ਨ 2023 ਦੇ ਦੂਜੇ ਪੜਾਅ ਦਾ ਪੰਜਵਾਂ ਦਿਨ ਹੈ। ਦੂਜਾ ਪੜਾਅ 13 ਤਰੀਕ ਨੂੰ ਸ਼ੁਰੂ ਹੋਇਆ ਸੀ ਪਰ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਹੰਗਾਮੇ ਕਾਰਨ ਸੰਸਦ ਦੇ ਦੋਵੇਂ ਸਦਨਾਂ ਨੂੰ ਮੁਲਤਵੀ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਵੀ ਸੰਸਦ ਦੀ ਕਾਰਵਾਈ ਚਲਾਉਣ ਨੂੰ ਲੈ ਕੇ ਪਾਰਟੀਆਂ ਵਿਚਾਲੇ ਕੋਈ ਸਹਿਮਤੀ ਨਹੀਂ ਬਣ ਸਕੀ। ਇਕ ਪਾਸੇ ਸੱਤਾਧਾਰੀ ਪਾਰਟੀ ਭਾਰਤੀ ਜਨਤਾ ਪਾਰਟੀ ਲਗਾਤਾਰ ਕਾਂਗਰਸ ਨੇਤਾ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਲੰਡਨ 'ਚ ਭਾਰਤ 'ਚ ਲੋਕਤੰਤਰ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਬਿਨਾਂ ਸ਼ਰਤ ਮੁਆਫੀ ਮੰਗਣ ਦੀ ਮੰਗ ਕਰ ਰਹੀ ਹੈ।
ਇਸ ਸਬੰਧੀ ਭਾਜਪਾ ਦੇ ਸੰਸਦ ਮੈਂਬਰ ਸਦਨ ਦੀ ਕਾਰਵਾਈ ਨਹੀਂ ਚੱਲਣ ਦੇ ਰਹੇ ਹਨ। ਹਾਲਾਂਕਿ, ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਿਹਾ ਕਿ ਉਹ ਲੋਕ ਸਭਾ ਸਪੀਕਰ ਨੂੰ ਮਿਲੇ ਹਨ ਅਤੇ ਲੋਕ ਸਭਾ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਮੰਗਿਆ ਹੈ। ਦੇਖਣਾ ਹੋਵੇਗਾ ਕਿ ਕੀ ਲੋਕ ਸਭਾ ਦੇ ਸਪੀਕਰ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਬੋਲਣ ਦਾ ਸਮਾਂ ਦੇਣਗੇ ਜਾਂ ਸਦਨ 'ਚ ਹੰਗਾਮਾ ਦੇਖਣ ਨੂੰ ਮਿਲੇਗਾ। ਸ਼ੁੱਕਰਵਾਰ ਨੂੰ ਭਾਜਪਾ ਪ੍ਰਧਾਨ ਅਤੇ ਸੰਸਦ ਮੈਂਬਰ ਜੇਪੀ ਨੱਡਾ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਬਿਨਾਂ ਸ਼ਰਤ ਮੁਆਫੀ ਮੰਗਣੀ ਹੋਵੇਗੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਵਿਦੇਸ਼ਾਂ ਵਿੱਚ ਦੇਸ਼ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਪਾਕਿਸਤਾਨ ਦੀ ਭਾਸ਼ਾ ਇੱਕੋ ਜਿਹੀ ਹੈ।