ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ 17 ਮਾਰਚ ਤੋਂ ਸ਼ੁਰੂ ਹੋਵੇਗਾ। ਸੈਸ਼ਨ ਦੀ ਸ਼ੁਰੂਆਤ ਉਪ ਰਾਜਪਾਲ ਦੇ ਸੰਬੋਧਨ ਨਾਲ ਹੋਵੇਗੀ। ਉਸ ਤੋਂ ਬਾਅਦ ਆਰਥਿਕ ਸਰਵੇਖਣ ਦੀ ਰਿਪੋਰਟ ਸਦਨ ਵਿੱਚ ਪੇਸ਼ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ 'ਚ ਇਹ ਪਹਿਲਾ ਸਾਲ ਹੋਵੇਗਾ, ਜਦੋਂ ਵਿੱਤ ਮੰਤਰੀ ਕੈਲਾਸ਼ ਗਹਿਲੋਤ ਮਨੀਸ਼ ਸਿਸੋਦੀਆ ਦੀ ਥਾਂ 'ਤੇ ਨਵੇਂ ਵਿੱਤੀ ਸਾਲ ਦਾ ਬਜਟ ਪੇਸ਼ ਕਰਨਗੇ।
ਪਿਛਲੇ ਸਾਲਾਂ ਦੌਰਾਨ ਦਿੱਲੀ ਸਰਕਾਰ ਵੱਖ-ਵੱਖ ਵਿਸ਼ਿਆਂ 'ਤੇ ਬਜਟ ਪੇਸ਼ ਕਰਦੀ ਰਹੀ ਹੈ। ਪਿਛਲੇ ਸਾਲ ਦੇ ਬਜਟ ਨੂੰ ਦੇਸ਼ ਭਗਤੀ ਬਜਟ ਦਾ ਨਾਂ ਦਿੱਤਾ ਗਿਆ ਸੀ। ਇਸ ਵਿੱਚ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਦਿੱਲੀ ਵਿੱਚ ਵੱਖ-ਵੱਖ ਥਾਵਾਂ ’ਤੇ ਦੇਸ਼ ਭਗਤੀ ਨਾਲ ਸਬੰਧਤ ਪ੍ਰੋਗਰਾਮ ਕਰਵਾਉਣ ਅਤੇ ਝੰਡੇ ਲਹਿਰਾਉਣ ਲਈ ਬਜਟ ਵਿੱਚ ਫੰਡ ਅਲਾਟ ਕੀਤੇ ਗਏ। ਇਸ ਤੋਂ ਪਹਿਲਾਂ ਸਰਕਾਰ ਰੋਜ਼ਗਾਰ ਬਜਟ ਪੇਸ਼ ਕਰ ਚੁੱਕੀ ਹੈ, ਜਿਸ ਵਿੱਚ ਦਿੱਲੀ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀਆਂ ਯੋਜਨਾਵਾਂ ਦਾ ਜ਼ਿਕਰ ਸੀ।
ਇਹ ਵੀ ਪੜੋ:-Congress protest against BJP Govt in Karnataka: ਪੁਲਿਸ ਨੇ ਪ੍ਰਦਰਸ਼ਨ ਦੌਰਾਨ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
ਬਜਟ ਸੈਸ਼ਨ ਦੇ ਹੰਗਾਮੀ ਹੋਣ ਦੀ ਵੀ ਸੰਭਾਵਨਾ ਹੈ, ਕਿਉਂਕਿ ਵਿਰੋਧੀ ਪਾਰਟੀ ਭਾਜਪਾ ਵੱਖ-ਵੱਖ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ। ਹਾਲ ਹੀ 'ਚ ਐਕਸਾਈਜ਼ ਘੁਟਾਲੇ 'ਚ ਫਸੇ ਮਨੀਸ਼ ਸਿਸੋਦੀਆ ਦੇ ਮੁੱਦੇ 'ਤੇ ਸਦਨ 'ਚ ਹੰਗਾਮਾ ਹੋਣ ਦੀ ਪੂਰੀ ਸੰਭਾਵਨਾ ਹੈ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਕੈਲਾਸ਼ ਗਹਿਲੋਤ ਨੇ ਵਿੱਤ ਮੰਤਰਾਲੇ ਦਾ ਅਹੁਦਾ ਸੰਭਾਲਣ ਤੋਂ ਬਾਅਦ 2 ਮਾਰਚ ਨੂੰ ਵਿਭਾਗ ਦੇ ਅਧਿਕਾਰੀਆਂ ਨਾਲ ਬਜਟ 'ਤੇ ਚਰਚਾ ਕਰਨ ਲਈ ਮੀਟਿੰਗ ਕੀਤੀ ਸੀ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਅਤੇ ਪ੍ਰਗਤੀਸ਼ੀਲ ਬਜਟ ਪੇਸ਼ ਕਰਨ ਦਾ ਸੰਕੇਤ ਦਿੱਤਾ ਸੀ।
ਕੈਲਾਸ਼ ਗਹਿਲੋਤ ਨੇ ਭਰੋਸਾ ਦਿੱਤਾ ਸੀ ਕਿ ਆਉਣ ਵਾਲਾ ਬਜਟ ਦਿੱਲੀ ਨੂੰ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦੇ ਟੀਚੇ ਨੂੰ ਹਾਸਲ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ। ਪਿਛਲੇ 8 ਸਾਲਾਂ ਵਿੱਚ ਦਿੱਲੀ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਚੰਗੇ ਕੰਮਾਂ ਨੂੰ ਦਿੱਲੀ ਸਰਕਾਰ ਦੇ ਬਜਟ ਵਿੱਚ ਅੱਗੇ ਲਿਜਾਣ ਦਾ ਕੰਮ ਜਾਰੀ ਰਹੇਗਾ। ਕੈਲਾਸ਼ ਗਹਿਲੋਤ ਨੇ ਹਾਲ ਹੀ ਵਿੱਚ ਮਨੀਸ਼ ਸਿਸੋਦੀਆ ਦੇ ਵਿੱਤ ਵਿਭਾਗ, ਯੋਜਨਾ, ਲੋਕ ਨਿਰਮਾਣ ਵਿਭਾਗ, ਬਿਜਲੀ, ਸ਼ਹਿਰੀ ਵਿਕਾਸ, ਸਿੰਚਾਈ ਅਤੇ ਹੜ੍ਹ ਕੰਟਰੋਲ ਅਤੇ ਹੋਰ ਸਾਰੇ ਵਿਭਾਗਾਂ ਦਾ ਚਾਰਜ ਸੰਭਾਲ ਲਿਆ ਹੈ ਜੋ ਕਿਸੇ ਵੀ ਮੰਤਰੀ ਨੂੰ ਵਿਸ਼ੇਸ਼ ਤੌਰ 'ਤੇ ਅਲਾਟ ਨਹੀਂ ਕੀਤੇ ਗਏ ਹਨ।
ਇਹ ਵੀ ਪੜੋ:-Manish Sisodia Issue: ਸਿਸੋਦੀਆ ਦੀ ਗ੍ਰਿਫਤਾਰੀ ਦੇ ਮਾਮਲੇ 'ਚ ਕੇਜਰੀਵਾਲ ਨੂੰ ਮਿਲਿਆ ਵਿਰੋਧੀ ਧਿਰ ਦਾ ਸਮਰਥਨ, ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ