ਨਵੀਂ ਦਿੱਲੀ: ਦਿੱਲੀ ਵਕਫ ਬੋਰਡ 'ਚ ਬੇਨਿਯਮੀਆਂ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ ਨੇ 'ਆਪ' ਵਿਧਾਇਕ ਅਮਾਨਤੁੱਲਾ ਖਾਨ ਖਿਲਾਫ ਮਿਲੀ ਸ਼ਿਕਾਇਤ ਦੀ ਜਾਂਚ ਸੀਬੀਆਈ ਨੂੰ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਵੀ 'ਆਪ' ਵਿਧਾਇਕ ਤੋਂ ਨਵੰਬਰ 2016 'ਚ ਵਕਫ਼ ਬੋਰਡ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਗਈ ਸੀ।
ਦਰਅਸਲ, ਨਵੰਬਰ 2016 ਵਿੱਚ ਸੀਬੀਆਈ ਨੇ ਵਕਫ਼ ਬੋਰਡ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਅਮਾਨਤੁੱਲਾ ਖ਼ਾਨ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਸੀਬੀਆਈ ਨੇ 'ਆਪ' ਵਿਧਾਇਕ ਅਮਾਨਤੁੱਲਾ ਖਾਨ ਅਤੇ ਹੋਰਾਂ ਵਿਰੁੱਧ ਅਪਰਾਧਿਕ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ।
ਦਿੱਲੀ ਸਰਕਾਰ ਦੇ ਮਾਲ ਵਿਭਾਗ ਦੇ ਉਪ ਮੰਡਲ ਮੈਜਿਸਟ੍ਰੇਟ ਨੇ ਨਵੰਬਰ 2016 ਵਿੱਚ ਇੱਕ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿੱਚ ਖਾਨ ਦੁਆਰਾ ਦਿੱਲੀ ਵਕਫ਼ ਬੋਰਡ ਵਿੱਚ ਮੌਜੂਦਾ ਅਤੇ ਗੈਰ-ਮੌਜੂਦ ਅਹੁਦਿਆਂ 'ਤੇ ਮਨਮਾਨੇ ਅਤੇ ਗੈਰ-ਕਾਨੂੰਨੀ ਨਿਯੁਕਤੀਆਂ ਦਾ ਦੋਸ਼ ਲਗਾਇਆ ਗਿਆ ਸੀ। ਸੂਤਰਾਂ ਮੁਤਾਬਕ ਸੀਬੀਆਈ ਨੇ ਕੇਸ ਦਰਜ ਕਰਕੇ ਜਾਂਚ ਕੀਤੀ ਸੀ, ਜਿਸ ਵਿੱਚ ਪੁਖਤਾ ਮੁਕੱਦਮੇ ਦੇ ਸਬੂਤ ਮਿਲੇ ਸਨ, ਜਿਸ ਤੋਂ ਬਾਅਦ ਜਾਂਚ ਏਜੰਸੀ ਨੇ ਉਪ ਰਾਜਪਾਲ ਤੋਂ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮੰਗੀ ਸੀ। ਇਸ ਸਾਲ ਮਈ ਵਿੱਚ ਸੀਬੀਆਈ ਨੇ ਉਪ ਰਾਜਪਾਲ ਨੂੰ ਉਸ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਬੇਨਤੀ ਕੀਤੀ ਸੀ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੇ ਇਸ ਮਾਮਲੇ 'ਤੇ ਕਿਹਾ ਹੈ ਕਿ ਉਨ੍ਹਾਂ ਨੇ ਕੁਝ ਵੀ ਗਲਤ ਨਹੀਂ ਕੀਤਾ ਹੈ। ਇਸ ਲਈ ਉਹ ਇਸ ਜਾਂਚ ਤੋਂ ਡਰਨ ਵਾਲਾ ਨਹੀਂ ਹੈ। ਚਾਹੇ ਸੀ.ਬੀ.ਆਈ. ਕਿੰਨਾ ਵੀ ਜ਼ੋਰ ਲਗਾ ਲਵੇ। ਇਸ ਵਿੱਚ ਕੁਝ ਵੀ ਗ਼ਲਤ ਨਹੀਂ ਹੈ ਅਤੇ ਨਾ ਹੀ ਕੁਝ ਗਲਤ ਹੋਣ ਵਾਲਾ ਹੈ।
ਇਹ ਵੀ ਪੜ੍ਹੋ:ਮਾਗ੍ਰੇਟ ਅਲਵਾ ਵਿਰੋਧੀ ਧਿਰ ਦੀ ਉਪ-ਰਾਸ਼ਟਰਪਤੀ ਉਮੀਦਵਾਰ ਹੋਵੇਗੀ