ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦੇ ਸੀਬੀਐਸੀ ਬੋਰਡ ਦੀ 12 ਜਮਾਤ ਦੀ ਪ੍ਰੀਖਿਆ (CBSE Board Class XII) ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਲਿਆ ਗਿਆ ਹੈ।
ਪੀਐਮ ਮੋਦੀ ਨੇ ਕਿਹਾ ਹੈ ਕਿ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਇਸ ਪਹਿਲੂ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸੀਬੀਐਸਈ ਜਮਾਤ 12 ਦੀ ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਵਿਦਿਆਰਥੀਆਂ ਦੇ ਹਿੱਤ ਵਿੱਚ ਲਿਆ ਗਿਆ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ ਇੱਕ ਨਿਰਧਾਰਤ ਉਦੇਸ਼ਾਂ ਤੇ ਮਾਪਦੰਡਾਂ ਮੁਤਾਬਕ ਸਮੇਂ ਸਿਰ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ਮੁਤਾਬਕ ਪੀਐਮ ਮੋਦੀ ਨੇ ਕਿਹਾ, ਪ੍ਰੀਖਿਆ ਬਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੀ ਉਤਸੁਕਤਾ ਖ਼ਤਮ ਕੀਤੀ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਤਣਾਅ ਭਰੇ ਮਾਹੌਲ 'ਚ ਵਿਦਿਆਰਥੀਆਂ ਨੂੰ ਪ੍ਰੀਖਿਆ 'ਚ ਸ਼ਾਮਲ ਹੋਣ ਲਈ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ ਹੈ।
ਬੈਠਕ ਵਿੱਚ ਵੱਖ-ਵੱਖ ਸੂਬਿਆਂ ਸਣੇ ਸਾਰੇ ਹਿੱਤਧਾਰਕਾਂ ਨਾਲ ਸਲਾਹ ਮਸ਼ਵਰਾ ਕਰਦਿਆਂ ਅਧਿਕਾਰੀਆਂ ਵੱਲੋਂ ਵਿਸਤ੍ਰਿਤ ਪੇਸ਼ਕਾਰੀ ਦੀ ਸਮੀਖਿਆ ਕਰਦਿਆਂ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ।