ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਮੌਜੂਦਾ ਮੰਡੀਕਰਨ ਸਾਲ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ 110 ਰੁਪਏ ਵਧਾ ਕੇ 2,125 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 400 ਰੁਪਏ ਵਧਾ ਕੇ 5,450 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਹਾੜ੍ਹੀ ਦੀਆਂ ਫ਼ਸਲਾਂ ਉੱਤੇ MSP ਵਿੱਚ ਇਜਾਫਾ ਕਰ ਦਿੱਤਾ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਕ ਪ੍ਰੈਸ ਕਾਨਫਰੰਸ ਰਾਹੀਂ ਇਸ ਦਾ ਜ਼ਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾੜੀ ਦੀਆਂ 6 ਫ਼ਸਲਾਂ ਦੀ MSP ਤੈਅ ਕਰ ਦਿੱਤੀ ਗਈ ਹੈ। MSP ਡੇਢ ਗੁਣਾਂ ਤੋਂ ਵੱਧ ਵਧਾ ਦਿੱਤੀ ਗਈ ਹੈ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਕਿਸਾਨਾਂ ਦੇ ਉਤਪਾਦਨ ਅਤੇ ਆਮਦਨ ਨੂੰ ਵਧਾਉਣ ਲਈ ਲਿਆ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਹਾੜੀ ਦੀਆਂ ਛੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ।ਘੱਟੋ-ਘੱਟ ਸਮਰਥਨ ਮੁੱਲ ਉਹ ਦਰ ਹੈ ਜਿਸ 'ਤੇ ਸਰਕਾਰ ਕਿਸਾਨਾਂ ਤੋਂ ਖੇਤੀ ਉਪਜ ਖਰੀਦਦੀ ਹੈ। ਵਰਤਮਾਨ ਵਿੱਚ, ਸਰਕਾਰ ਸਾਉਣੀ ਅਤੇ ਹਾੜੀ ਦੋਵਾਂ ਸੀਜ਼ਨਾਂ ਵਿੱਚ ਉਗਾਈਆਂ ਜਾਣ ਵਾਲੀਆਂ 23 ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ।
ਹਾੜ੍ਹੀ (ਸਰਦੀਆਂ) ਦੀਆਂ ਫਸਲਾਂ ਦੀ ਬਿਜਾਈ ਸਾਉਣੀ (ਗਰਮੀ) ਦੀਆਂ ਫਸਲਾਂ ਦੀ ਕਟਾਈ ਤੋਂ ਬਾਅਦ ਅਕਤੂਬਰ ਵਿੱਚ ਸ਼ੁਰੂ ਹੁੰਦੀ ਹੈ। ਕਣਕ ਅਤੇ ਸਰ੍ਹੋਂ ਹਾੜੀ ਦੀਆਂ ਮੁੱਖ ਫ਼ਸਲਾਂ ਹਨ। ਇੱਕ ਅਧਿਕਾਰਤ ਰੀਲੀਜ਼ ਦੇ ਅਨੁਸਾਰ, ਸੀਸੀਈਏ ਨੇ ਫਸਲੀ ਸਾਲ 2022-23 (ਜੁਲਾਈ-ਜੂਨ) ਅਤੇ ਮਾਰਕੀਟਿੰਗ ਸੀਜ਼ਨ 2023-24 ਵਿੱਚ ਛੇ ਹਾੜ੍ਹੀ ਫਸਲਾਂ ਲਈ ਐਮਐਸਪੀ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਫਸਲੀ ਸਾਲ 2022-23 ਲਈ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਫਸਲੀ ਸਾਲ 2021-22 ਵਿੱਚ 2,015 ਰੁਪਏ ਪ੍ਰਤੀ ਕੁਇੰਟਲ ਤੋਂ 110 ਰੁਪਏ ਵਧਾ ਕੇ 2,125 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਉਤਪਾਦਨ ਲਾਗਤ 1,065 ਰੁਪਏ ਪ੍ਰਤੀ ਕੁਇੰਟਲ ਹੋਣ ਦਾ ਅਨੁਮਾਨ ਹੈ। ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 500 ਰੁਪਏ ਪ੍ਰਤੀ ਕੁਇੰਟਲ ਅਤੇ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 400 ਰੁਪਏ ਪ੍ਰਤੀ ਕੁਇੰਟਲ ਵਧਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ।