ਨਵੀਂ ਦਿੱਲੀ: ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨੂੰ 3 ਫੀਸਦੀ ਵਧਾ ਕੇ 34 ਫੀਸਦੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਜਾਰੀ ਅਧਿਕਾਰਤ ਰੀਲੀਜ਼ ਅਨੁਸਾਰ ਇਹ ਵਾਧਾ 1 ਜਨਵਰੀ, 2022 ਤੋਂ ਲਾਗੂ ਹੋਵੇਗਾ।
ਇਹ ਵਾਧਾ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਪ੍ਰਵਾਨਿਤ ਫਾਰਮੂਲੇ ਦੇ ਅਨੁਸਾਰ ਹੈ। ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ ਵਾਧੇ ਨਾਲ ਸਰਕਾਰੀ ਖਜ਼ਾਨੇ 'ਤੇ 9554.50 ਕਰੋੜ ਰੁਪਏ ਦਾ ਬੋਝ ਪਵੇਗਾ। ਰੀਲੀਜ਼ ਦੇ ਅਨੁਸਾਰ, ਇਸ ਨਾਲ 47.68 ਲੱਖ ਕੇਂਦਰੀ ਕਰਮਚਾਰੀਆਂ ਅਤੇ 68.62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਕੇਂਦਰੀ ਮੁਲਾਜ਼ਮਾਂ ਨੂੰ ਅਗਲੇ ਮਹੀਨੇ ਦੀ ਤਨਖਾਹ ਵਿੱਚ ਡੀ.ਏ ਦਾ ਵਧਿਆ ਹਿੱਸਾ ਮਿਲੇਗਾ।