ਨਵੀਂ ਦਿੱਲੀ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੀਰਵਾਰ ਨੂੰ ਅਚਾਨਕ ਦਿੱਲੀ ਪਹੁੰਚ ਗਏ। ਇੱਥੇ ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਚੰਨੀ ਨੇ ਆਮ ਆਦਮੀ ਪਾਰਟੀ ਨੂੰ ਜਿਤਾਉਣ ਵਾਲੇ ਲੋਕਾਂ 'ਤੇ ਵੀ ਤੰਜ਼ ਕੱਸਿਆ। ਪੰਜਾਬ 'ਚ ਲਗਾਤਾਰ ਹੋ ਰਹੇ ਕਤਲਾਂ 'ਤੇ ਜਦੋਂ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਲੋਕ ਬਦਲਾਅ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਬਦਲਾਅ ਮਿਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਨਵੀਂ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।
ਚੰਨੀ ਨੂੰ ਪੰਜਾਬ 'ਚ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਜਾ ਸਕਦਾ ਹੈ। ਹੁਣ ਤੱਕ ਸੂਬੇ ਵਿੱਚ ਕਾਂਗਰਸ ਪ੍ਰਧਾਨ ਦੀ ਨਿਯੁਕਤੀ ਨਹੀਂ ਹੋਈ ਹੈ। ਹਾਲਾਂਕਿ ਚੰਨੀ ਨੇ ਕਿਹਾ ਕਿ ਉਹ ਕਿਸੇ ਅਹੁਦੇ ਦੀ ਦੌੜ ਵਿੱਚ ਨਹੀਂ ਹਨ ਅਤੇ ਨਾ ਹੀ ਉਹ ਅਹੁਦਾ ਚਾਹੁੰਦੇ ਹਨ। ਉਹ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਦੱਸ ਦਈਏ ਕਿ ਨਤੀਜਿਆਂ ਤੋਂ ਬਾਅਦ ਇਹ ਚੰਨੀ ਦੀ ਰਾਹੁਲ ਗਾਂਧੀ ਨਾਲ ਪਹਿਲੀ ਮੁਲਾਕਾਤ ਹੈ।