ਨਵੀਂ ਦਿੱਲੀ:ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਅੱਜ ਸੀਬੀਆਈ ਹੈੱਡਕੁਆਰਟਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਸੀਬੀਆਈ ਨੇ ਉਨ੍ਹਾਂ ਨੂੰ ਸ਼ਰਾਬ ਘੁਟਾਲੇ ਸਬੰਧੀ ਪੁੱਛਗਿੱਛ ਲਈ ਨੋਟਿਸ ਭੇਜਿਆ ਹੈ, ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਅੱਜ ਸੀਬੀਆਈ ਹੈੱਡਕੁਆਰਟਰ ਵਿੱਚ ਪੇਸ਼ ਹੋਣਗੇ। ਇਸ ਦੇ ਨਾਲ ਹੀ ਦਿੱਲੀ ਪੁਲਿਸ ਵੱਲੋਂ ਇਸ ਸਬੰਧੀ ਕਈ ਐਡਵਾਈਜ਼ਰੀਆਂ ਜਾਰੀ ਕੀਤੀਆਂ ਗਈਆਂ ਹਨ। ਸੀਬੀਆਈ ਹੈੱਡਕੁਆਰਟਰ ਸੀਜੀਓ ਕੰਪਲੈਕਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਕੇਜਰੀਵਾਲ ਨਾਲ ਆਪ ਨੇਤਾ ਵੀ ਪਹੁੰਚ ਸਕਦੇ ਹੈੱਡਕੁਆਟਰ:ਦਿੱਲੀ ਪੁਲਿਸ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਸੀਜੀਓ ਕੰਪਲੈਕਸ ਸਥਿਤ ਸੀਬੀਆਈ ਹੈੱਡਕੁਆਰਟਰ ਪਹੁੰਚਣਗੇ। ਆਮ ਆਦਮੀ ਪਾਰਟੀ ਦੇ ਸਮਰਥਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਉਨ੍ਹਾਂ ਨਾਲ ਸੀਬੀਆਈ ਹੈੱਡਕੁਆਰਟਰ ਪਹੁੰਚ ਸਕਦੇ ਹਨ। ਇਸ ਦੇ ਹੀ ਮੱਦੇਨਜ਼ਰ ਦਿੱਲੀ ਪੁਲਿਸ ਨੇ ਸੀਜੀਓ ਕੰਪਲੈਕਸ ਦੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ।
ਮਾਨ ਦਾ ਟਵੀਟ- ਅਸੀਂ ਕੇਜਰੀਵਾਲ ਨਾਲ ਚੱਟਾਨ ਵਾਂਗ ਖੜੇ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੱਚ ਬੋਲਣ ਵਾਲੇ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾ ਲੈਂਦੇ ਹਨ। ਲੋਕਾਂ ਦੇ ਦਿਲਾਂ ਵਿੱਚੋਂ ਕਿਸੇ ਨੂੰ ਨਹੀਂ ਮਿਟਾਇਆ ਜਾ ਸਕਦਾ। ਅਸੀਂ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜੇ ਹਾਂ ਅਤੇ ਇਸ ਕ੍ਰਾਂਤੀ ਵਿੱਚ ਉਨ੍ਹਾਂ ਦਾ ਸਾਥ ਦਿਆਂਗੇ।