ਨਵੀਂ ਦਿੱਲੀ:ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸੱਤਾਧਾਰੀ ਗਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਸਰੋਕਾਰ ਦਾ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਜੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਕੋਈ ਸੰਸਦ ਮੈਂਬਰ ਸਦਨ ਦੇ ਵਿਚਕਾਰ ਆਉਂਦਾ ਹੈ ਤਾਂ ਉਸ ਨੂੰ ਗ਼ੈਰਕਾਨੂੰਨੀ ਢੰਗ ਨਾਲ ਮੁਅੱਤਲ ਕਰ ਦਿੱਤਾ ਜਾਂਦਾ ਹੈ, ਜੋ ਬਹੁਤ ਸ਼ਰਮਨਾਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ‘ਲੋਕਤੰਤਰ ਦੇ ਮੰਦਰ’ ਵਿੱਚ ਵੀ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਦਬਾਉਣ ਦਾ ਇਹ ਤਾਨਾਸ਼ਾਹੀ ਢੰਗ ਗੈਰ-ਵਾਜਬ ਹੈ।
ਵਿਰੋਧੀ ਧਿਰ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ :ਮੁੱਖ ਮੰਤਰੀ ਨੇ ਕਿਹਾ ਕਿ ਇਸ ਤਾਨਾਸ਼ਾਹੀ ਸ਼ਾਸਨ ਵਿੱਚ ਸਿਆਸੀ ਲਾਹੇ ਲਈ ਵਿਰੋਧੀ ਧਿਰ ਨੂੰ ਚੁੱਪ ਕਰਾਉਣਾ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿੱਚ ਸੱਤਾਧਾਰੀ ਗਠਜੋੜ ਵੱਲੋਂ ਕਈ ਤਰ੍ਹਾਂ ਦੇ ਹੱਥਕੰਡੇ ਵਰਤ ਕੇ ਵਿਰੋਧੀ ਧਿਰ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੈਂਬਰਾਂ ਦੀ ਸਹਿਮਤੀ ਲੈਣ ਦੀ ਪ੍ਰਵਾਹ ਕੀਤੇ ਬਿਨਾਂ ਸਾਰੇ ਸਦਨ ਵਿੱਚ ਹੰਗਾਮਾ ਮਚਾ ਕੇ ਬਿੱਲ ਪਾਸ ਕਰ ਦਿੱਤੇ ਜਾਂਦੇ ਹਨ ਅਤੇ ਇਹ ਸਮੁੱਚੇ ਲੋਕਤੰਤਰ ਉਤੇ ਧੱਬਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਾਗਦੀ ਜ਼ਮੀਰ ਵਾਲੇ ਸਾਰੇ ਸੰਸਦ ਮੈਂਬਰ ਸੰਜੇ ਸਿੰਘ ਦੇ ਨਾਲ ਹਨ ਅਤੇ ਅੱਜ ਇੱਥੇ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ‘ਮਨ ਕੀ ਬਾਤ’ ਵਿੱਚ ਆਪਣੀ ਗੱਲ ਕਰਨਾ ਪਸੰਦ ਕਰਦੇ ਹਨ ਪਰ ਉਹ ਦੇਸ਼ ਦੇ ਲੋਕਾਂ ਦੀ ਗੱਲ ਸੁਣਨ ਲਈ ਕਦੇ ਵੀ ਤਿਆਰ ਨਹੀਂ ਹੁੰਦੇ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਸੂਝਵਾਨ ਅਤੇ ਜਮਹੂਰੀਅਤ ਨੂੰ ਪਿਆਰ ਕਰਨ ਵਾਲੇ ਲੋਕ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਇਸ ਘਿਨਾਉਣੇ ਪਾਪ ਲਈ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਨੂੰ ਸਬਕ ਸਿਖਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਐਂਡ ਕੰਪਨੀ ਦੇਸ਼ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਦੇਸ਼ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਉਨ੍ਹਾਂ ਦੇ 28 ਰਾਜਪਾਲਾਂ ਸਮੇਤ 30 ਲੋਕਾਂ ਨੇ ਹੀ ਚਲਾਉਣਾ ਹੈ ਤਾਂ ਚੋਣਾਂ ਕਰਵਾਉਣ `ਤੇ ਪੈਸਾ ਕਿਉਂ ਬਰਬਾਦ ਕਿਉਂ ਕੀਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਇਹ ਖ਼ਤਰਨਾਕ ਰੁਝਾਨ ਹੈ, ਜਿਸ ਨੂੰ ਤੁਰੰਤ ਰੋਕਣ ਦੀ ਲੋੜ ਹੈ।