ਨਵੀਂ ਦਿੱਲੀ:ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਹਲਕੇ ਬੁਖਾਰ ਦੇ ਲੱਛਣਾਂ ਨਾਲ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।
ਦੱਸ ਦੇਈਏ ਕਿ ਸੋਨੀਆ ਗਾਂਧੀ ਲਗਾਤਾਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਹੈ। ਉਹ ਕੈਂਸਰ ਦਾ ਇਲਾਜ ਕਰਵਾ ਕੇ ਕੁਝ ਮਹੀਨੇ ਪਹਿਲਾਂ ਅਮਰੀਕਾ ਤੋਂ ਪਰਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਹਸਪਤਾਲ ਜਾਣਾ ਪੈਂਦਾ ਹੈ। ਇਸ ਸਾਲ ਦੀ ਸ਼ੁਰੂਆਤ 'ਚ ਵੀ 4 ਜਨਵਰੀ ਨੂੰ ਸੋਨੀਆ ਗਾਂਧੀ ਨੂੰ ਬੁਖਾਰ ਦੇ ਲੱਛਣਾਂ ਤੋਂ ਬਾਅਦ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ ਸੀ। ਹਸਪਤਾਲ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸਾਹ ਦੀ ਲਾਗ ਦੀ ਨਿਗਰਾਨੀ ਅਤੇ ਇਲਾਜ ਲਈ ਛਾਤੀ ਦੀ ਦਵਾਈ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਸੀ।