ਨਵੀਂ ਦਿੱਲੀ:ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਨੂੰ ਲੈਕੇ ਸਿਆਸਤ ਪੁਰੀ ਤਰ੍ਹਾਂ ਗਰਮਾ ਗਈ ਹੈ। ਇਸ ਦੇ ਚੱਲਦਿਆਂ ਕਾਂਗਰਸ ਵਲੋਂ ਵੀ ਚੋਣਾਂ ਨੂੰ ਲੈਕੇ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਨਵੀਂ ਦਿੱਲੀ 'ਚ ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਸਕਰੀਨਿੰਗ ਕਮੇਟੀ ਦੇ ਪ੍ਰਧਾਨ ਅਜੈ ਮਾਕਨ, ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਸਮੇਤ ਹੋਰ ਕਈ ਆਗੂ ਮੌਜੂਦ ਸਨ।
ਪੰਜਾਬ ਕਾਂਗਰਸ ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ (Punjab Congress President) ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ 'ਆਲ ਇਜ਼ ਵੈੱਲ'। ਸਿੱਧੂ ਦੇ ਇਸ ਬਿਆਨ ਨੂੰ ਲੈਕੇ ਲੱਗ ਰਿਹਾ ਹੈ ਕਿ ਸਕਰੀਨਿੰਗ ਕਮੇਟੀ ਦੀ ਮੀਟਿੰਗ 'ਚ ਚੋਣਾਂ ਨੂੰ ਲੈ ਕੇ ਕਾਂਗਰਸ ਜ਼ਲਦ ਕੋਈ ਵੱਡਾ ਐਲਾਨ ਕਰ ਸਕਦੀ ਹੈ।
ਸਕਰੀਨਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇੱਕ ਪਰਿਵਾਰ ਵਿੱਚ ਸਿੰਗਲ ਟਿਕਟ ਹੀ ਦਿੱਤੀ ਜਾਵੇਗੀ ਅਤੇ ਨਾਲ ਹੀ ਕਿਹਾ ਹੈ ਕਿ ਸੀਨੀਅਰ ਆਗੂਆਂ ਨੂੰ ਉਨ੍ਹਾਂ ਸੀਟਾਂ ਤੋਂ ਹੀ ਮੈਦਾਨ ਵਿੱਚ ਉਤਾਰਿਆ ਜਾਵੇਗਾ ਜੋ ਉਹ ਪਹਿਲਾ ਜਿੱਤ ਚੁੱਕੇ ਹਨ। ਸੁਨੀਲ ਜਾਖੜ ਨੇ ਕਿਹਾ ਹੈ ਕਿ ਮੀਟਿੰਗ ਵਿਚ ਅੱਜ ਸੀਟਾਂ ਨੂੰ ਲੈ ਕੇ ਚਰਚਾ ਹੋਈ ਹੈ ਪਰ ਇਸ ਦੀ ਅੰਤਿਮ ਸੂਚੀ ਨੂੰ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਹੀ ਜਾਰੀ ਕੀਤਾ ਜਾਵੇਗਾ।