ਨਵੀਂ ਦਿੱਲੀ:ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਭਾਰਤ ਵਿੱਚ ਵੀਰਵਾਰ ਨੂੰ 18 ਹਜ਼ਾਰ ਤੋਂ ਵੱਧ ਨਵੇਂ ਮਰੀਜ਼ ਮਿਲੇ ਹਨ। ਜਦਕਿ 39 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਕੁਝ ਦਿਨਾਂ ਤੋਂ ਦੇਸ਼ 'ਚ ਕੋਰੋਨਾ ਦੇ ਮਾਮਲਿਆਂ ਦੇ ਅੰਕੜੇ ਹੈਰਾਨ ਕਰਨ ਵਾਲੇ ਹਨ। ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 18 ਹਜ਼ਾਰ 819 ਨਵੇਂ ਮਾਮਲੇ ਸਾਹਮਣੇ ਆਏ ਹਨ।
ਕੇਰਲ (4,459 ਨਵੇਂ ਕੇਸ) ਪੰਜ ਰਾਜਾਂ ਵਿੱਚ ਪਹਿਲੇ ਨੰਬਰ 'ਤੇ ਹੈ ਜਿੱਥੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਮਹਾਰਾਸ਼ਟਰ (3,957), ਕਰਨਾਟਕ (1,945), ਤਾਮਿਲਨਾਡੂ (1,827) ਅਤੇ ਪੱਛਮੀ ਬੰਗਾਲ (1,424) ਦਾ ਨੰਬਰ ਆਉਂਦਾ ਹੈ। ਕੁੱਲ ਨਵੇਂ ਮਾਮਲਿਆਂ ਵਿੱਚ ਇਨ੍ਹਾਂ ਪੰਜ ਰਾਜਾਂ ਦੀ ਹਿੱਸੇਦਾਰੀ 72.34 ਫੀਸਦੀ ਹੈ। ਨਵੇਂ ਮਾਮਲਿਆਂ ਵਿੱਚੋਂ, 23.69 ਪ੍ਰਤੀਸ਼ਤ ਸਿਰਫ ਕੇਰਲ ਤੋਂ ਆਏ ਹਨ।
ਕੋਵਿਡ ਕਾਰਨ ਪਿਛਲੇ 24 ਘੰਟਿਆਂ ਵਿੱਚ 39 ਹੋਰ ਲੋਕਾਂ ਦੀ ਜਾਨ ਚਲੀ ਗਈ ਹੈ। ਦੇਸ਼ ਵਿੱਚ ਕੋਵਿਡ ਕਾਰਨ ਹੁਣ ਤੱਕ ਪੰਜ ਲੱਖ (5,25,116) ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਦੀ ਰਿਕਵਰੀ ਰੇਟ ਹੁਣ 98.55 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਕੁੱਲ 13 ਹਜ਼ਾਰ 827 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਦੇਸ਼ ਭਰ ਵਿੱਚ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 4 ਕਰੋੜ 28 ਲੱਖ 22 ਹਜ਼ਾਰ 493 ਹੋ ਗਈ ਹੈ।
ਦੇਸ਼ ਵਿੱਚ ਕੋਰੋਨਾ ਦੇ 1.04 ਲੱਖ ਐਕਟਿਵ ਕੇਸ :ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਰੀਜ਼ਾਂ ਦੇ ਆਉਣ ਤੋਂ ਬਾਅਦ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ ਨੂੰ ਪਾਰ ਕਰ ਗਈ ਹੈ। ਦੇਸ਼ ਵਿੱਚ ਇਸ ਸਮੇਂ ਕੋਰੋਨਾ ਦੇ 1 ਲੱਖ 04 ਹਜ਼ਾਰ 555 ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ 'ਚ 4 ਹਜ਼ਾਰ 953 ਦਾ ਵਾਧਾ ਹੋਇਆ ਹੈ। ਦੂਜੇ ਪਾਸੇ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੀਆਂ ਕੁੱਲ 14 ਲੱਖ 17 ਹਜ਼ਾਰ 217 ਖੁਰਾਕਾਂ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਕੁੱਲ 4,52,430 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।