ਨਵੀਂ ਦਿੱਲੀ: ਦਿੱਲੀ ਵਿੱਚ ਕੋਵਿਡ-19 ਦੇ ਵੱਧਦੇ ਸੰਕਰਮਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਵੀਕਐਂਡ ਕਰਫਿਊ ਲਗਾ ਦਿੱਤਾ ਹੈ। ਦੂਜੇ ਪਾਸੇ 9 ਜਨਵਰੀ ਐਤਵਾਰ ਨੂੰ ਪ੍ਰਕਾਸ਼ ਪੁਰਬ ਕਾਰਨ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਵੀਕਐਂਡ ਕਰਫਿਊ 'ਚ ਢਿੱਲ ਦਿੱਤੀ ਹੈ। ਇਸ ਤਹਿਤ ਸ਼ਰਧਾਲੂਆਂ ਨੂੰ 9 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਖੁੱਲ੍ਹ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਦਾ ਜਨਮ ਦਿਨ ਹੈ।
ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਡੀਡੀਐੱਮਏ) ਦੀਆਂ ਹਦਾਇਤਾਂ ਮੁਤਾਬਕ ਹੁਣ ਧਾਰਮਿਕ ਸਥਾਨ ਖੁੱਲ੍ਹ ਸਕਦੇ ਸਨ, ਪਰ ਸ਼ਰਧਾਲੂਆਂ ਨੂੰ ਜਾਣ ਦੀ ਇਜਾਜ਼ਤ ਨਹੀਂ ਸੀ। 9 ਜਨਵਰੀ ਦਿਨ ਐਤਵਾਰ ਨੂੰ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਇਸ ਦੌਰਾਨ ਸ਼ਰਧਾਲੂਆਂ ਨੂੰ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।
ਦਿੱਲੀ 'ਚ ਕੋਵਿਡ-19 ਦੇ ਵਧਦੇ ਸੰਕਰਮਣ ਦੇ ਮੱਦੇਨਜ਼ਰ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਵੀਕਐਂਡ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ, ਸ਼ਨੀਵਾਰ ਨੂੰ ਜਾਰੀ ਕੀਤੀ ਗਈ ਕੋਰੋਨਾ ਰਿਪੋਰਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਦਿੱਲੀ ਵਿੱਚ 20,000 ਤੋਂ ਵੱਧ ਕੋਵਿਡ -19 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਇਨਫੈਕਸ਼ਨ ਦੀ ਦਰ 19.6 ਫੀਸਦੀ ਤੱਕ ਪਹੁੰਚ ਗਈ ਹੈ। ਇਸ ਦੌਰਾਨ ਪਿਛਲੇ 24 ਘੰਟਿਆਂ ਵਿੱਚ 11,869 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ। ਇਸ ਦੌਰਾਨ 7 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।