ਚੰਡੀਗੜ੍ਹ:ਦੇਸ਼ ਵਿੱਚ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਦੀ ਚਪੇਟ ਵਿੱਚ (ARVIND KEJRIWAL CORONA POSITIVE) ਆਏ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਉੱਪਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਬੀਅਤ ਵਿਗੜਨ ਕਾਰਨ ਉਨ੍ਹਾਂ ਵੱਲੋਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਵੀ ਲੋਕ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਸਾਵਧਾਨੀ ਵਜੋਂ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ ਧੜਾ ਧੜ ਪੰਜਾਬ ਵਿੱਚ ਰੈਲੀਆਂ ਕਰ ਰਹੇ ਹਨ ਇੰਨ੍ਹਾਂ ਰੈਲੀਆਂ ਵਿੱਚ ਕੇਜਰੀਵਾਲ ਨਾਲ ਆਪ ਦੀ ਸਮੁੱਚੀ ਲੀਡਰਸ਼ਿੱਪ ਦੇ ਨਾਲ ਨਾਲ ਵੱਡੀਆਂ ਗਿਣਤੀ ਵਿੱਚ ਲੋਕ ਸ਼ਾਮਿਲ ਹੁੰਦੇ ਹਨ। ਕੇਜਰੀਵਾਲ ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਵੱਡਾ ਖਤਰਾ ਆਪ ਦੀ ਲੀਡਰਸ਼ਿੱਪ ਉੱਪਰ ਵੀ ਮੰਡਰਾਉਣ ਲੱਗਾ ਹੈ।
ਦੱਸ ਦਈਏ ਕਿ ਕੋਰੋਨਾ ਦਾ ਨਵਾਂ ਰੂਪ ਓਮੀਕਰੋਨ ਦੀ ਦੇਸ਼ ਲਈ ਖਤਰਾ ਬਣਿਆ ਹੋਇਆ ਹੈ। ਇਸਦੇ ਨਾਲ ਹੀ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਆਮ ਲੋਕਾਂ, ਸਿਆਸੀ ਲੀਡਰਾਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਬਾਲੀਵੁੱਡ ਹਸਤੀਆਂ ਵੀ ਕੋਰੋਨਾ ਦੀ ਚਪੇਟ ਵਿੱਚ ਆ ਰਹੀਆਂ ਹਨ। ਦੇਸ਼ ਮੁੜ ਤੋਂ ਲਾਕਡਾਊਨ ਦੀ ਸਥਿਤੀ ਵੱਲ ਵਧਦਾ ਜਾ ਰਿਹਾ ਹੈ।