ਨਵੀਂ ਦਿੱਲੀ: ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਦੇ ਡਾਕਟਰ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਾਕਟਰਾਂ ਦੀ ਹੜਤਾਲ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਇੱਕ ਪਾਸੇ ਕੋਵਿਡ-19 ਅਤੇ ਓਮਾਈਕਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੂਜੇ ਪਾਸੇ ਦਿੱਲੀ ਦੇ ਹਸਪਤਾਲਾਂ ਦੇ ਡਾਕਟਰ ਹੜਤਾਲ 'ਤੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਰਾਹੀਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਾਕਟਰਾਂ ਦੀ ਸਮੱਸਿਆ ਦਾ ਜਲਦੀ ਤੋਂ ਜਲਦੀ ਹੱਲ ਕੱਢਣ ਦੀ ਅਪੀਲ ਕੀਤੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ NEET-PG ਕਾਊਂਸਲਿੰਗ ਨੂੰ ਵਾਰ-ਵਾਰ ਮੁਲਤਵੀ ਕੀਤੇ ਜਾਣ ਕਾਰਨ ਏਮਜ਼, ਸਫਦਰਜੰਗ ਅਤੇ ਰਾਮ ਮਨੋਹਰ ਲੋਹੀਆ ਵਰਗੇ ਵੱਡੇ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰ ਹੜਤਾਲ 'ਤੇ ਹਨ।
ਉਨ੍ਹਾਂ ਲਿਖਿਆ ਕਿ ਇੰਨੇ ਸੰਘਰਸ਼ ਤੋਂ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਰੈਜ਼ੀਡੈਂਟ ਡਾਕਟਰਾਂ ਦੀ ਮੰਗ ਨਹੀਂ ਸੁਣੀ ਗਈ। ਇਹ ਦੁੱਖ ਦੀ ਗੱਲ ਹੈ ਪਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਡਾਕਟਰਾਂ 'ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਮੰਦਭਾਗੀ ਹੈ।