ਹੈਦਰਾਬਾਦ ਡੈਸਕ: (ਐੱਨ ਨਵਰਾਹੀ)ਦਿੱਲੀ ਹਾਈ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ 'ਤੇ ਸਫ਼ਰ ਦੌਰਾਨ ਕਿਰਪਾਨ ਪਹਿਨਣ ਦੀ ਇਜਾਜ਼ਤ ਦੇਣ ਵਿਰੁੱਧ ਦਾਇਰ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਹੈ ਕਿ ਇਹ ਕੇਂਦਰ ਸਰਕਾਰ ਦਾ ਨੀਤੀਗਤ ਫ਼ੈਸਲਾ ਹੈ। ਹਾਈਕੋਰਟ ਨੇ ਕਿਹਾ ਅਸੀਂ ਇਸ ਮਾਮਲੇ ਵਿੱਚ ਦਖਲ ਨਹੀਂ ਦੇ ਸਕਦੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਹਾਈ ਕੋਰਟ ਨੇ 15 ਦਸੰਬਰ ਨੂੰ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਦੀ ਡਿਵੀਜ਼ਨ ਬੈਂਚ ਨੇ ਕਿਹਾ- ਅਸੀਂ ਅਜਿਹੇ ਨੀਤੀਗਤ ਫ਼ੈਸਲੇ ਵਿੱਚ ਕਿਵੇਂ ਦਖ਼ਲ ਦੇ ਸਕਦੇ ਹਾਂ ? ਇਹ ਭਾਰਤ ਸਰਕਾਰ ਦਾ ਨੀਤੀਗਤ ਫੈਸਲਾ ਹੈ। (allowing Sikhs to carry Kirpan on flights)
ਕੀ ਹੈ ਪੂਰਾ ਮਾਮਲਾ ?ਦਿੱਲੀ ਹਾਈਕੋਰਟ ਨੇ ਇਹ ਹੁਕਮ ਹਰਸ਼ ਵਿਭੋਰ ਸਿੰਘਲ ਦੀ ਪਟੀਸ਼ਨ 'ਤੇ ਦਿੱਤਾ, ਜਿਸ 'ਚ ਦਾਅਵਾ ਕੀਤਾ ਗਿਆ ਸੀ ਕਿ ਹਵਾਈ ਜਹਾਜ਼ 'ਚ ਕਿਰਪਾਨ ਲੈ ਕੇ ਜਾਣ ਦੇ ਮੁੱਦੇ 'ਤੇ ਸਲਾਹ ਦੇਣ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਹਰਸ਼ ਨੇ ਕੇਂਦਰ ਸਰਕਾਰ ਵੱਲੋਂ 4 ਮਾਰਚ, 2022 ਨੂੰ ਜਾਰੀ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ, ਜਿਸ ਵਿੱਚ ਕਿਹਾ ਗਿਆ ਸੀ ਕਿ ਭਾਰਤ ਵਿੱਚ ਸਾਰੇ ਘਰੇਲੂ ਰੂਟਾਂ 'ਤੇ ਚੱਲਣ ਵਾਲੀਆਂ ਯਾਤਰੀਆਂ ਦੀਆਂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਆਪਣੇ ਨਾਲ ਰੱਖਣ ਲਈ ਵਿਸ਼ੇਸ਼ ਰੈਗੂਲੇਟਰੀ ਪ੍ਰਵਾਨਗੀ ਹੋਵੇਗੀ। ਯਾਤਰੀਆਂ ਦੁਆਰਾ ਚੁੱਕੀ ਕਿਰਪਾਨ ਦੀ ਲੰਬਾਈ 6 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਣਿਆ ਪ੍ਰਸਾਦ ਦੀ ਬੈਂਚ ਨੇ ਪਹਿਲਾਂ ਜ਼ੁਬਾਨੀ ਕਿਹਾ ਕਿ ਇਹ ਭਾਰਤ ਸਰਕਾਰ ਦੀ ਨੀਤੀ ਹੈ ਅਤੇ ਅਦਾਲਤ ਉਦੋਂ ਤੱਕ ਇਸ ਵਿੱਚ ਦਖ਼ਲ ਨਹੀਂ ਦੇ ਸਕਦੀ ਜਦੋਂ ਤੱਕ ਇਹ ਮਨਮਾਨੀ ਨਾ ਹੋਵੇ।
ਸਿੱਖ ਜਥੇਬੰਦੀਆਂ ਨੇ ਸਹਿਮਤੀ ਜਤਾਈ:-ਦਿੱਲੀ ਹਾਈ ਕੋਰਟ ਦੇ ਇਸ ਫੈਸਲੇ ਨਾਲ ਸਿੱਖ ਜਥੇਬੰਦੀਆਂ ਨੇ ਸਹਿਮਤੀ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਕੌਮ ਦੀ ਵੱਖਰੀ ਹੋਂਦ ਹੈ। ਕਿਰਪਾਨ ਸਿੱਖਾਂ ਦੁਆਰਾ ਪਾਏ ਜਾਣ ਵਾਲੇ 5 ਚਿੰਨ੍ਹਾਂ ਵਿੱਚੋਂ ਇੱਕ ਹੈ ਅਤੇ ਉਹਨਾਂ ਨੂੰ ਇਸ ਨੂੰ ਕਿਤੇ ਵੀ ਪਾਉਣ ਦਾ ਅਧਿਕਾਰ ਹੋਣਾ ਚਾਹੀਦਾ ਹੈ।
ਸ੍ਰੀ ਸਾਹਿਬ (ਛੋਟੀ ਕਿਰਪਾਨ) ਗੁਰਸਿੱਖ ਦਾ ਜ਼ਰੂਰੀ ਅੰਗ ਹੈ।
ਇਸ ਬਾਰੇ ਈਟੀਵੀ ਭਾਰਤ ਪੰਜਾਬ ਨਾਲ ਫੋਨ ’ਤੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲਨੇ ਕਿਹਾ ਕਿ ਹਾਈ ਕੋਰਟ ਨੇ ਪਟੀਸ਼ਨ ਰੱਦ ਕਰਕੇ ਬਿਲਕੁਲ ਸਹੀ ਕੀਤਾ ਹੈ। ਇਸ ਦੇਸ਼ ਵਿੱਚ ਹਰ ਧਰਮ ਨੂੰ ਆਪਣਾ ਚਿੰਨ੍ਹ ਪਾਉਣ ਦਾ ਅਧਿਕਾਰ ਹੈ। ਕਿਰਪਾਨ ਜਾਂ ਸ੍ਰੀ ਸਾਹਿਬ ਕਿਸੇ ਵੀ ਗੁਰਸਿੱਖ ਦਾ ਜ਼ਰੂਰੀ ਅੰਗ ਹੈ। ਸਿੱਖਾਂ ਲਈ ਧਾਰਮਿਕ ਚਿੰਨ੍ਹਾਂ ਦਾ ਵਿਰੋਧ ਕਰਨਾ ਠੀਕ ਨਹੀਂ ਹੈ। ਹਾਈਕੋਰਟ ਨੇ ਅਜਿਹੀਆਂ ਬੇਤੁਕੀ ਪਟੀਸ਼ਨਾਂ ਨੂੰ ਖਾਰਜ ਕਰਕੇ ਬਿਲਕੁਲ ਸਹੀ ਕੀਤਾ ਹੈ। ਦਰਅਸਲ, ਸਿੱਖਾਂ ਨੇ ਆਪਣੀ ਵੱਖਰੀ ਪਛਾਣ ਲਈ ਲੰਬੀ ਲੜਾਈ ਲੜੀ ਹੈ। ਹਾਲ ਹੀ ਵਿੱਚ ਗੁਆਂਢੀ ਦੇਸ਼ ਪਾਕਿਸਤਾਨ ਨੇ ਮਰਦਮਸ਼ੁਮਾਰੀ ਵਿੱਚ ਵੱਖਰਾ ਕਾਲਮ ਸ਼ਾਮਲ ਕਰਕੇ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਮਾਨਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਇਸ ਬਾਰੇ ਸੋਚਣਾ ਚਾਹੀਦਾ ਹੈ।