ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਹੜ੍ਹ ਦਾ ਖ਼ਤਰਾ ਬਣਿਆ ਹੋਇਆ ਹੈ। 10 ਦਿਨਾਂ ਬਾਅਦ ਯਮੁਨਾ ਦੇ ਪਾਣੀ ਦਾ ਪੱਧਰ ਫਿਰ ਤੋਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੁੰਚ ਗਿਆ ਹੈ। ਦਿੱਲੀ 'ਚ ਪਿਛਲੇ ਕਈ ਦਿਨਾਂ ਤੋਂ ਮੀਂਹ ਨਾ ਹੋਣ ਦੇ ਬਾਵਜੂਦ ਯਮੁਨਾ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਅਜਿਹਾ ਇਸ ਲਈ ਕਿਉਂਕਿ ਹਥਨੀ ਕੁੰਡ ਬੈਰਾਜ ਤੋਂ ਯਮੁਨਾ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ। ਇਸ ਨਾਲ ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਹੜ੍ਹ ਦੀ ਸਥਿਤੀ ਪੈਦਾ ਹੋ ਸਕਦੀ ਹੈ।
ਸਿੰਚਾਈ ਵਿਭਾਗ ਵੱਲੋਂ ਓਰੇਂਜ਼ ਅਲਰਟ ਜਾਰੀ :ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਐਤਵਾਰ ਸਵੇਰੇ 7 ਵਜੇ ਤੱਕ 205.81 ਮੀਟਰ ਤੱਕ ਪਹੁੰਚ ਗਿਆ ਹੈ, ਜੋ ਖ਼ਤਰੇ ਦੇ ਪੱਧਰ ਤੋਂ ਉੱਪਰ ਹੈ। ਯਮੁਨਾ 'ਚ ਪਾਣੀ ਦੇ ਵਧਦੇ ਪੱਧਰ ਨੂੰ ਲੈ ਕੇ ਸਿੰਚਾਈ ਵਿਭਾਗ ਵੱਲੋਂ ਓਰੇਂਜ਼ ਅਲਰਟ ਜਾਰੀ ਕੀਤਾ ਗਿਆ ਹੈ। ਸੀਡਬਲਯੂਸੀ ਦੇ ਅਨੁਸਾਰ, ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ਾਮ 4 ਵਜੇ ਤੱਕ ਯਮੁਨਾ ਦੇ ਪਾਣੀ ਦਾ ਪੱਧਰ 206.7 ਮੀਟਰ ਤੱਕ ਪਹੁੰਚ ਸਕਦਾ ਹੈ।
ਦੱਸ ਦੇਈਏ ਕਿ 15 ਜੁਲਾਈ ਤੋਂ ਪਾਣੀ ਦਾ ਪੱਧਰ 206 ਮੀਟਰ ਤੋਂ ਹੇਠਾਂ ਹੈ, ਕਿਉਂਕਿ ਕੁਝ ਦਿਨਾਂ ਤੋਂ ਹਥਨੀ ਕੁੰਡ ਤੋਂ ਪ੍ਰਤੀ ਘੰਟਾ ਇੱਕ ਲੱਖ ਕਿਊਸਿਕ ਤੋਂ ਘੱਟ ਪਾਣੀ ਛੱਡਿਆ ਜਾ ਰਿਹਾ ਸੀ, ਪਰ ਹੁਣ ਇੱਕ ਵਾਰ ਫਿਰ ਇਸ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹਥਨੀ ਕੁੰਡ ਤੋਂ ਪਾਣੀ ਛੱਡਣ ਦੇ ਨਾਲ-ਨਾਲ ਯਮੁਨਾ ਦੇ ਪਾਣੀ ਦੇ ਪੱਧਰ 'ਤੇ ਨਜ਼ਰ ਰੱਖੀ ਜਾ ਰਹੀ ਹੈ। ਸਤੰਬਰ ਤੱਕ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਦਾ ਖ਼ਤਰਾ ਬਣਿਆ ਰਹੇਗਾ। ਇਸ ਨੂੰ ਧਿਆਨ ਵਿੱਚ ਰੱਖਦਿਆਂ ਤਿਆਰੀਆਂ ਕਰ ਲਈਆਂ ਗਈਆਂ ਹਨ। 66 ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਥਾਵਾਂ 'ਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪਾਣੀ ਦੇ ਪੱਧਰ ਉੱਤੇ ਲਗਾਤਾਰ ਨਜ਼ਰ ਰੱਖ ਰਹੀ ਸਰਕਾਰ :ਦੂਜੇ ਪਾਸੇ ਮਾਲ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਂਦਰੀ ਜਲ ਕਮਿਸ਼ਨ ਦੇ ਤਾਜ਼ਾ ਅਪਡੇਟ ਮੁਤਾਬਕ ਯਮੁਨਾ ਨਦੀ ਕੱਲ੍ਹ ਸ਼ਾਮ ਤੱਕ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਸਕਦੀ ਹੈ। ਅਜਿਹੀ ਸਥਿਤੀ 'ਚ ਪੈਦਾ ਹੋਣ ਵਾਲੇ ਸੰਭਾਵੀ ਖ਼ਤਰਿਆਂ ਅਤੇ ਚੁਣੌਤੀਆਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੂਰੀ ਸਰਕਾਰ ਘਟਨਾਕ੍ਰਮ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਇਸ ਤੋਂ ਇਲਾਵਾ ਮੰਤਰੀ ਆਤਿਸ਼ੀ ਨੇ ਕਿਹਾ ਕਿ ਜੇਕਰ ਪਾਣੀ ਦਾ ਪੱਧਰ 206.7 ਤੱਕ ਵਧਦਾ ਹੈ ਤਾਂ ਯਮੁਨਾ ਖੱਦਰ ਦੇ ਕੁਝ ਹਿੱਸਿਆਂ 'ਚ ਹੜ੍ਹ ਆਉਣ ਦੀ ਜ਼ਿਆਦਾ ਸੰਭਾਵਨਾ ਹੈ। ਸਰਕਾਰ ਇਨ੍ਹਾਂ ਸੰਵੇਦਨਸ਼ੀਲ ਖੇਤਰਾਂ ਨੂੰ ਤੁਰੰਤ ਖਾਲੀ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।