ਨਵੀਂ ਦਿੱਲੀ: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਿੱਖ ਵਿਰੋਧੀ ਦੰਗਿਆਂ ਪੀੜਤਾਂ ਨਾਲ ਮੁਲਾਕਾਤ ਕਰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਉੱਥੇ ਹੀ, ਉਨ੍ਹਾਂ ਨੇ ਹਲ ਕਰਨ ਦਾ ਭਰੋਸਾ ਵੀ ਦਿੱਤਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਅਫਗਾਨੀਸਤਾਨ ਤੋਂ ਭਾਰਤ ਆਏ ਸਿੱਖਾਂ ਨਾਲ ਵੀ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਾਂ ਦੀ ਸਰਕਾਰ ਵੱਲੋਂ ਨਾਗਰਿਕਤਾ ਅਤੇ ਵੀਜ਼ਾ ਸਬੰਧੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਕੇਂਦਰੀ ਮੰਤਰੀ ਐਸ ਜੈਸ਼ੰਕਰ ਨੇ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆ ਕਿਹਾ ਕਿ, “ਅਸੀਂ 1984 ਦੇ ਦੰਗਿਆਂ ਦੇ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅਸੀਂ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਮੈਂ ਯੂਕਰੇਨ ਤੋਂ ਵਾਪਸ ਆਏ ਵਿਦਿਆਰਥੀਆਂ ਵਿੱਚੋਂ ਇੱਕ ਨੂੰ ਵੀ ਮਿਲਿਆ, ਅਤੇ ਉਸ ਨੇ ਮੈਨੂੰ ਫੀਡਬੈਕ ਦਿੱਤਾ ਕਿ ਸਾਡੇ ਦੂਤਾਵਾਸ ਨੇ ਯੂਕਰੇਨ ਵਿੱਚ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦਾ ਸਮਰਥਨ ਕਿਵੇਂ ਕੀਤਾ?"
ਅਫਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਨਾਲ ਮੁਲਾਕਾਤ: ਜੈਸ਼ੰਕਰ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਤਿਲਕ ਵਿਹਾਰ ਇਲਾਕੇ 'ਚ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਉਹ ਅਫਗਾਨਿਸਤਾਨ ਤੋਂ ਭਾਰਤ ਆਏ ਸਿੱਖਾਂ ਨੂੰ ਮਿਲੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਮੁੱਦਿਆਂ ਨੂੰ ਹੱਲ ਕਰਨਗੇ, ਜਿਨ੍ਹਾਂ ਬਾਰੇ ਉਨ੍ਹਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨਾਗਰਿਕਤਾ ਅਤੇ ਵੀਜ਼ਾ ਸਬੰਧੀ ਹਰ ਸੰਭਵ ਮਦਦ ਕਰੇਗੀ ਅਤੇ ਉਨ੍ਹਾਂ ਦੀ ਮਦਦ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।