ਨਵੀਂ ਦਿੱਲੀ :ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨਾਲ ਜੁੜੇ ਕੁਝ ਲੋਕਾਂ ਦੇ ਘਰਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿੱਚ ਇੱਕ ਨਾਮੀ ਸਕੂਲ ਚੇਨ, ਟਰੱਸਟ ਅਤੇ ਇੱਕ ਮਸਾਲਾ ਕੰਪਨੀ ਦੇ ਮਾਲਕ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਫਿਲਹਾਲ ਇਸ ਸਬੰਧੀ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ 'ਚ ਕਈ ਦਿਨਾਂ ਦੇ ਰਿਮਾਂਡ 'ਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ। ਇਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਸ਼ੁੱਕਰਵਾਰ ਸਵੇਰੇ ਸਤੇਂਦਰ ਜੈਨ ਦੇ ਕੁਝ ਕਰੀਬੀ ਦੋਸਤਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ। ਇਨ੍ਹਾਂ ਵਿੱਚ ਮਸ਼ਹੂਰ ਸਕੂਲ ਮਾਲਕ, ਮਸਾਲਾ ਵਪਾਰੀ ਅਤੇ ਟਰੱਸਟ ਮੈਂਬਰ ਸ਼ਾਮਲ ਹਨ। ਫਿਲਹਾਲ ਇਹ ਛਾਪੇਮਾਰੀ ਚੱਲ ਰਹੀ ਹੈ, ਇਸ ਸਬੰਧੀ ਅਜੇ ਤੱਕ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।