ਨਵੀਂ ਦਿੱਲੀ: ਚੋਣ ਕਮਿਸ਼ਨ (ਈਸੀ) ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਭਾਜਪਾ ਵੱਲੋਂ ਦਿੱਤੀ ਗਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਕੇਜਰੀਵਾਲ ਨੂੰ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਆਮ ਆਦਮੀ ਪਾਰਟੀ ਦੇ 'ਸੋਸ਼ਲ ਮੀਡੀਆ ਹੈਂਡਲ' 'ਤੇ ਕੀਤੀ ਗਈ ਕਥਿਤ 'ਅਪਮਾਨਜਨਕ' ਟਿੱਪਣੀ ਲਈ ਇਹ ਨੋਟਿਸ ਜਾਰੀ ਕੀਤਾ ਹੈ।
'ਆਪ' ਖ਼ਿਲਾਫ਼ ਕਾਰਵਾਈ ਦੀ ਮੰਗ: 'ਆਪ' ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਣ ਵਾਲੀ ਟਿੱਪਣੀ ਨੂੰ ਲੈ ਕੇ ਭਾਜਪਾ ਨੇ ਚੋਣ ਕਮਿਸ਼ਨ ਤੋਂ 'ਆਪ' ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ। ਚੋਣ ਕਮਿਸ਼ਨ ਨੇ ਇਹ ਨੋਟਿਸ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਦੋ ਟਵੀਟਾਂ ਨੂੰ ਲੈ ਕੇ ਭੇਜਿਆ ਹੈ। ਭਾਜਪਾ ਨੇ 'ਆਪ' ਦੇ ਸੋਸ਼ਲ ਮੀਡੀਆ 'ਤੇ ਜਾਰੀ ਵੀਡੀਓ ਕਲਿੱਪ ਨੂੰ ਅਨੈਤਿਕ ਅਤੇ ਅਸਵੀਕਾਰਨਯੋਗ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਨੇ ਕਿਹਾ ਕਿ 10 ਨਵੰਬਰ, 2023 ਨੂੰ ਭਾਰਤੀ ਜਨਤਾ ਪਾਰਟੀ ਦੇ ਇੱਕ ਵਫ਼ਦ ਵੱਲੋਂ ਇਸ ਸਬੰਧ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ।