ਸ਼੍ਰੀਨਗਰ: ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਰਿਗਾਮ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਸੂਤਰਾਂ ਮੁਤਾਬਕ ਪੁਲਿਸ ਅਤੇ ਫੌਜ ਦੀ ਸਾਂਝੀ ਟੀਮ ਨੇ ਪਰੀਗਾਮ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪਰ ਜਿਵੇਂ ਹੀ ਬਲਾਂ ਦੀ ਸਾਂਝੀ ਟੀਮ ਸ਼ੱਕੀ ਸਥਾਨ 'ਤੇ ਪਹੁੰਚੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਸੁਰੱਖਿਆ ਬਲਾਂ ਤੇ ਅੱਤਵਾਦੀਆਂ 'ਚ ਮੁਕਾਬਲਾ:ਇਸ ਦੇ ਜਵਾਬ ਵਿੱਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਵੀ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਗੋਲੀਬਾਰੀ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ।
ਬੀਤੇ ਦਿਨੀ ਇੱਕ ਪ੍ਰਵਾਸੀ ਮਜ਼ਦੂਰ ਦਾ ਕੀਤਾ ਸੀ ਕਤਲ:ਇਸ ਬਾਰੇ ਜਾਣਕਾਰੀ ਦਿੰਦੇ ਹੋਏ ਟਵਿੱਟਰ 'ਤੇ ਇਕ ਪੋਸਟ ਰਾਹੀਂ ਕਸ਼ਮੀਰ ਜ਼ੋਨ ਪੁਲਿਸ ਨੇ ਕਿਹਾ ਕਿ ਪੁਲਵਾਮਾ ਦੇ ਪਰਿਗਾਮ ਇਲਾਕੇ 'ਚ ਮੁੱਠਭੇੜ ਸ਼ੁਰੂ ਹੋ ਗਈ ਹੈ। ਪੁਲਿਸ ਅਤੇ ਸੁਰੱਖਿਆ ਬਲ ਕੰਮ 'ਤੇ ਰੁੱਝੇ ਹੋਏ ਹਨ। ਦੱਸ ਦੇਈਏ ਕਿ 30 ਅਕਤੂਬਰ ਦੀ ਦੁਪਹਿਰ ਨੂੰ ਪੁਲਵਾਮਾ ਦੇ ਤੁਚੀ ਨੂਪੁਰਾ ਇਲਾਕੇ ਵਿੱਚ ਅਣਪਛਾਤੇ ਅੱਤਵਾਦੀਆਂ ਨੇ ਉੱਤਰ ਪ੍ਰਦੇਸ਼ ਦੇ ਇੱਕ ਮਜ਼ਦੂਰ ਨੂੰ ਗੋਲੀ ਮਾਰ ਦਿੱਤੀ ਸੀ। ਇਸ ਹਮਲੇ ਵਿੱਚ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਕੇਸ਼ ਕੁਮਾਰ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ।
ਪਿਛਲੇ ਦਿਨੀਂ ਅੱਤਵਾਦੀ ਹਮਲੇ 'ਚ ਜਵਾਨ ਹੋਇਆ ਸੀ ਸ਼ਹੀਦ:ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਵੀ ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕਾਟੋਹਲਾਨ ਇਲਾਕੇ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਦ ਰੇਸਿਸਟੈਂਸ ਫਰੰਟ (ਟੀ.ਆਰ.ਐੱਫ.) ਨਾਲ ਸਬੰਧਤ ਇੱਕ ਅੱਤਵਾਦੀ ਮਾਰਿਆ ਗਿਆ ਸੀ। ਜਦਕਿ ਜੰਮੂ 'ਚ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਰੇਂਜਰਾਂ ਵੱਲੋਂ ਕੀਤੀ ਗੋਲੀਬਾਰੀ 'ਚ ਬੀਐੱਸਐੱਫ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਸੀ।