ਚੰਡੀਗੜ੍ਹ:ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਇਸ ਦਾ ਹੁਕਮ ਲੋਕ ਸਭਾ ਸਕੱਤਰੇਤ ਵੱਲੋਂ ਵੀ ਜਾਰੀ ਕਰ ਦਿੱਤਾ ਗਿਆ ਹੈ। ਰਾਹੁਲ ਨੂੰ ਵੀਰਵਾਰ ਨੂੰ ਸੂਰਤ ਦੀ ਇਕ ਅਦਾਲਤ ਨੇ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਸਾਲ ਦੀ ਸਜ਼ਾ ਸੁਣਾਈ ਸੀ। ਰਾਹੁਲ 'ਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ 'ਮੋਦੀ ਸਰਨੇਮ' 'ਤੇ ਵਿਵਾਦਿਤ ਟਿੱਪਣੀ ਕਰਨ ਦਾ ਇਲਜ਼ਾਮ ਸੀ। ਇਸ ਮਾਮਲੇ 'ਚ ਗੁਜਰਾਤ ਦੇ ਬੀਜੇਪੀ ਵਿਧਾਇਕ ਅਤੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਰਾਹੁਲ 'ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਨਿਯਮ ਮੁਤਾਬਕ ਜੇਕਰ ਕਿਸੇ ਸੰਸਦ ਮੈਂਬਰ ਜਾਂ ਵਿਧਾਇਕ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੁੰਦੀ ਹੈ ਤਾਂ ਉਸ ਦੀ ਮੈਂਬਰਸ਼ਿਪ ਖਤਮ ਹੋ ਜਾਂਦੀ ਹੈ। ਰਾਹੁਲ ਨਾਲ ਵੀ ਅਜਿਹਾ ਹੀ ਹੋਇਆ
ਆਜ਼ਮ ਖਾਨ ਦੀ ਮੈਂਬਰਸ਼ਿਪ ਰੱਦ ਕੀਤੀ ਗਈ ਸੀ: ਦੱਸ ਦਈਏ ਰਾਹੁਲ ਅਜਿਹੇ ਪਹਿਲੇ ਲੀਡਰ ਨਹੀਂ ਹਨ ਜਿਨ੍ਹਾਂ ਦੀ ਮੈਂਬਰਸ਼ਿਪ ਚਲੀ ਗਈ ਹੋਵੇ। ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਆਗੂ ਅਤੇ ਰਾਮਪੁਰ ਤੋਂ ਵਿਧਾਇਕ ਆਜ਼ਮ ਖਾਨ ਦੀ ਮੈਂਬਰਸ਼ਿਪ ਚਲੀ ਗਈ ਸੀ। ਆਜ਼ਮ ਰਾਮਪੁਰ ਤੋਂ ਲਗਾਤਾਰ 10 ਵਾਰ ਵਿਧਾਇਕ ਚੁਣੇ ਗਏ ਹਨ ਅਤੇ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਆਜ਼ਮ ਖਾਨ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਅਸ਼ਲੀਲ ਟਿੱਪਣੀ ਕਰਨ ਦਾ ਇਲਜ਼ਾਮ ਸੀ। ਇਸ ਮਾਮਲੇ ਵਿੱਚ ਅਦਾਲਤ ਵਿੱਚ ਤਿੰਨ ਸਾਲ ਤੱਕ ਕੇਸ ਚੱਲਿਆ ਅਤੇ ਫਿਰ ਅਦਾਲਤ ਨੇ ਉਸ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ। ਆਜ਼ਮ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਜ਼ਮਾਨਤ ਮਿਲ ਗਈ ਸੀ ਪਰ ਉਹ ਵਿਧਾਨ ਸਭਾ ਦੀ ਮੈਂਬਰਸ਼ਿਪ ਗੁਆ ਬੈਠਾ ਸੀ।