ਨਵੀਂ ਦਿੱਲੀ/ਗਾਜ਼ੀਆਬਾਦ: ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ 15 ਦਸੰਬਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਸਰਕਾਰ ਨਾਲ ਸਮਝੌਤੇ ਤੋਂ ਬਾਅਦ ਖ਼ਤਮ ਹੋ ਗਿਆ ਸੀ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਇਆ ਹੈ। ਟਿਕੈਤ ਨੇ ਕਿਹਾ ਹੈ ਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰ ਲਿਖਿਆ ਹੈ। ਉਨ੍ਹਾਂ ਕਿਹਾ ਕਿ "ਭਾਰਤ ਸਰਕਾਰ ਨੇ 9 ਦਸੰਬਰ ਦੇ ਪੱਤਰ ਵਿੱਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਅਸੀਂ ਅੰਨਦਾਤਾ ਦੇ ਹਿੱਤਾਂ ਦੀ ਰਾਖੀ ਲਈ ਦੇਸ਼ ਭਰ ਵਿੱਚ ਜਾਵਾਂਗੇ। ਕਿਸਾਨ ਅਤੇ ਮਜ਼ਦੂਰਾਂ ਦੇ ਲੱਖ ਕੋਸ਼ਿਸ਼ਾਂ ਨਾਲ ਹੀ ਆਰਥਿਕ ਮੰਦੀ-ਲਾਕਡਾਊਨ ਦੇ ਬਾਵਜੂਦ, ਦੇਸ਼ ਵਿੱਚ ਖੇਤੀ ਉਪਜ ਲਗਾਤਾਰ ਵਧੀ। ਸਰਕਾਰ ਨੂੰ ਦੇਸ਼ ਦੇ ਅੰਨਦਾਤਾ ਦਾ ਭਰੋਸਾ ਨਹੀਂ ਤੋੜਨਾ ਚਾਹੀਦਾ।"
ਭਾਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ 30 ਜਨਵਰੀ ਨੂੰ ਦੇਸ਼ ਭਰ 'ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ 'ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਵਾਅਦਿਆਂ ਦਾ ਦਿਨ ਮਨਾਇਆ ਗਿਆ। ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਅਦਿਆਂ ਤੋਂ ਮੁੱਕਰ ਗਈ ਹੈ। ਸਰਕਾਰ ਵੱਲੋਂ ਕੀਤੇ ਸਮਝੌਤੇ ਤਹਿਤ ਕਿਸਾਨਾਂ ਨੇ ਅੰਦੋਲਨ ਖਤਮ ਕਰ ਦਿੱਤਾ ਸੀ। ਸਮਝੌਤੇ 'ਚ MSP 'ਤੇ ਕਾਨੂੰਨ ਬਣਾਉਣ ਲਈ ਕਮੇਟੀ ਬਣਾਉਣ ਦੀ ਗੱਲ ਕਹੀ ਗਈ ਸੀ। ਸਰਕਾਰ ਨੇ ਇਸ ਪਾਸੇ ਕੋਈ ਕਦਮ ਨਹੀਂ ਚੁੱਕਿਆ। ਇਸ ਦੇ ਨਾਲ ਹੀ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਸ਼ਰਤ ਵੀ ਪੂਰੀ ਨਹੀਂ ਕੀਤੀ ਗਈ।