ਚੰਡੀਗੜ੍ਹ:ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (Telangana Chief Minister K Chandrashekar Rao) ਨੇ ਐਤਵਾਰ ਨੂੰ ਇੱਥੇ ਕਿਹਾ ਕਿ ਕਿਸਾਨ ਜੇਕਰ ਚਾਹੁਣ ਤਾਂ ਸਰਕਾਰ ਬਦਲ ਸਕਦੇ ਹਨ ਅਤੇ ਉਨ੍ਹਾਂ ਨੂੰ ਉਦੋਂ ਤੱਕ ਲੜਾਈ ਜਾਰੀ ਰੱਖਣੀ ਚਾਹੀਦੀ ਹੈ ਜਦੋਂ ਤੱਕ ਉਨ੍ਹਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਲਾਹੇਵੰਦ ਭਾਅ ਦੀ ਸੰਵਿਧਾਨਕ ਗਾਰੰਟੀ ਨਹੀਂ ਮਿਲ ਜਾਂਦੀ। ਤੇਲੰਗਾਨਾ ਦੇ ਮੁੱਖ ਮੰਤਰੀ ਨੇ ਉਨ੍ਹਾਂ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਕੇਂਦਰ ਦੁਆਰਾ ਰੱਦ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਈਆਂ।
ਸਾਲ ਭਰ ਚੱਲੇ ਅੰਦੋਲਨ ਦਾ ਜ਼ਿਕਰ ਕਰਦਿਆਂ ਰਾਓ ਨੇ ਕਿਹਾ ਕਿ ਉਹ ਕਿਸਾਨਾਂ ਦੇ ਸਬਰ ਅਤੇ ਦ੍ਰਿੜ ਇਰਾਦੇ ਲਈ ਸਲਾਮ ਕਰਦੇ ਹਨ। ਜੇਕਰ ਕਿਸਾਨ ਚਾਹੁਣ ਤਾਂ ਸਰਕਾਰ ਬਦਲ ਸਕਦੇ ਹਨ। ਇਹ ਕੋਈ ਵੱਡੀ ਗੱਲ ਨਹੀਂ ਹੈ। ਕਿਸਾਨਾਂ ਨੂੰ ਉਦੋਂ ਤੱਕ ਅੰਦੋਲਨ ਜਾਰੀ ਰੱਖਣਾ ਚਾਹੀਦਾ ਹੈ ਜਦੋਂ ਤੱਕ ਉਨ੍ਹਾਂ ਨੂੰ ਸਹੀ ਕੀਮਤ ਅਤੇ ਇਸ ਦੀ ਸੰਵਿਧਾਨਕ ਗਾਰੰਟੀ ਨਹੀਂ ਮਿਲਦੀ।
ਤੇਲੰਗਾਨਾ ਦੇ ਮੁੱਖ ਮੰਤਰੀ ਨੇ ਸੁਤੰਤਰਤਾ ਸੰਗਰਾਮ ਅਤੇ ਖੇਤੀ ਖੇਤਰ ਵਿੱਚ ਹਰੀ ਕ੍ਰਾਂਤੀ ਵਿੱਚ ਪੰਜਾਬ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਰਾਓ ਨੇ ਕਿਹਾ, ‘ਪੰਜਾਬ ਇੱਕ ਮਹਾਨ ਸੂਬਾ ਹੈ।’ ਰਾਓ ਦੇ ਨਾਲ ਉਨ੍ਹਾਂ ਦੇ ਦਿੱਲੀ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸਨ। ਰਾਓ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 3-3 ਲੱਖ ਰੁਪਏ ਵੰਡਣ ਆਏ ਸਨ। ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਮਾਰੇ ਗਏ ਸਨ।
ਦੱਸ ਦਈਏ ਕਿ, ਐਤਵਾਰ ਨੂੰ ਚੰਡੀਗੜ੍ਹ ਵਿਖੇ ਟੈਗੋਰ ਥੀਏਟਰ ਵਿੱਚ ਕਰਵਾਏ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਤਿਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਹਾਜ਼ਰੀ ’ਚ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਵਿਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅੱਜ ਦਾ ਇਹ ਸਮਾਗਮ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਤੇ ਕਿਸਾਨਾਂ ਪ੍ਰਤੀ ਸਾਡੀ ਅਥਾਹ ਸ਼ਰਧਾ ਤੇ ਸਤਿਕਾਰ ਅਤੇ ‘ਜੈ ਜਵਾਨ, ਜੈ ਕਿਸਾਨ’ ਦੇ ਨਾਅਰੇ ਦੀ ਭਾਵਨਾ ਨੂੰ ਸਜੀਵ ਕਰਦਾ ਹੈ।
ਇਹ ਵੀ ਪੜ੍ਹੋ :ਛੱਤੀਸਗੜ੍ਹ ਦੇ ਸਰਗੁਜਾ ’ਚ ਨਿਰਭਯਾ ਕਾਂਡ ਵਰਗੀ ਵਾਪਰੀ ਘਟਨਾ, ਮੱਚਿਆ ਹੜਕੰਪ !