ਸਿੰਘੂ ਬਾਰਡਰ: ਦਿੱਲੀ ਹਰਿਆਣਾ ਦੇ ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਈਟੀਵੀ ਭਾਰਤ ਨੇ ਗੱਲਬਾਤ ਕੀਤੀ ਤੇ ਸੂਬੇ ਦੇ ਕਿਸਾਨਾਂ ਉੱਤੇ ਕਰਜ਼ ਦੇ ਬਾਰੇ 'ਚ ਜਾਣਨ ਦੀ ਕੋਸ਼ਿਸ਼ ਕੀਤੀ। ਸ਼ਾਮ ਸਮੇਂ ਖਾਣਾ ਬਣਾਉਣ ਦੀ ਤਿਆਰੀ ਕਰ ਰਹੇ 77 ਸਾਲਾ ਬਜ਼ੁਰਗ ਕਿਸਾਨ ਮਾਨ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਕੋਲ 5 ਏਕੜ ਜ਼ਮੀਨ ਹੈ ਤੇ ਉਨ੍ਹਾਂ ਉੱਤੇ 4 ਲੱਖ ਰੁਪਏ ਦਾ ਕਰਜ਼ਾ ਹੈ।
ਉਨ੍ਹਾਂ ਦੱਸਿਆ ਕਿ ਹਰ ਸਾਲ ਕਿਸਾਨਾਂ ਦੀ ਫ਼ਸਲ ਦਾ ਸਹੀ ਮੁੱਲ ਨਾ ਮਿਲਣ ਕਰ ਕੇ ਇਹ ਹਾਲਾਤ ਬਣ ਗਏ ਹਨ ਤੇ ਹੁਣ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੇਤੀ ਦੀ ਵਾਂਗਡੋਰ ਦੇਣ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਮਾਨ ਸਿੰਘ ਨੇ ਕਿਹਾ ਕਿ ਅਜਿਹੇ ਹਾਲਾਤ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਵਿੱਚ ਨਹੀਂ ਦੇਖੇ।