ਨਵੀਂ ਦਿੱਲੀ: ਸਿਵਲ ਲਾਈਨ ਸਥਿਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਭੰਨਤੋੜ ਦੇ ਮਾਮਲੇ 'ਚ ਸਿਵਲ ਲਾਈਨ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ (eight persons arrested for attack at delhi cm house) ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਹੋਰ ਸਾਥੀਆਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਦੀ ਮਦਦ ਨਾਲ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ। ਬੁੱਧਵਾਰ ਸ਼ਾਮ ਨੂੰ ਇਸ ਘਟਨਾ ਸਬੰਧੀ ਐਫਆਈਆਰ ਦਰਜ ਕੀਤੀ ਗਈ ਸੀ।
ਉੱਤਰੀ ਜ਼ਿਲੇ ਦੇ ਡੀਸੀਪੀ ਸਾਗਰ ਸਿੰਘ ਕਲਸੀ ਅਨੁਸਾਰ ਭਾਜਪਾ ਯੁਵਾ ਮੋਰਚਾ ਵੱਲੋਂ ਬੁੱਧਵਾਰ ਨੂੰ ਸਿਵਲ ਲਾਈਨ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ। ਸਵੇਰੇ 11:30 ਵਜੇ ਦੇ ਕਰੀਬ 150 ਤੋਂ 200 ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕੁਝ ਦੂਰੀ 'ਤੇ ਇਕੱਠੇ ਹੋ ਗਏ ਸੀ। ਇਹ ਲੋਕ ਮੁੱਖ ਮੰਤਰੀ ਵੱਲੋਂ ਫਿਲਮ ਕਸ਼ਮੀਰ ਫਾਈਲਜ਼ ਬਾਰੇ ਵਿਧਾਨ ਸਭਾ ਵਿੱਚ ਦਿੱਤੇ ਗਏ ਬਿਆਨ ਦਾ ਵਿਰੋਧ ਕਰ ਰਹੇ ਸੀ। ਦੁਪਹਿਰ 1 ਵਜੇ ਦੇ ਕਰੀਬ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਲੱਗੇ ਬੈਰੀਕੇਡ ਤੋੜ ਕੇ ਅੰਦਰ ਦਾਖ਼ਲ ਹੋ ਗਏ ਸੀ।
ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਉੱਥੇ ਹੀ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਖ਼ਿਲਾਫ਼ ਅਪਸ਼ਬਦ ਬੋਲੇ। ਉਨ੍ਹਾਂ ਕੋਲ ਪੇਂਟ ਦਾ ਡੱਬਾ ਸੀ, ਜਿਸ ਨੂੰ ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ਦੇ ਦਰਵਾਜ਼ੇ 'ਤੇ ਸੁੱਟ ਦਿੱਤਾ। ਇਸ ਦੌਰਾਨ ਉਨ੍ਹਾਂ ਵੱਲੋਂ ਸੁਰੱਖਿਆ ਲਈ ਲਗਾਏ ਗਏ ਬੂਮ ਬੈਰੀਅਰ ਨੂੰ ਨੁਕਸਾਨ ਪਹੁੰਚਾਇਆ ਅਤੇ ਉੱਥੇ ਲੱਗੇ ਸੀਸੀਟੀਵੀ ਕੈਮਰੇ ਨੂੰ ਵੀ ਨੁਕਸਾਨ ਪਹੁੰਚਾਇਆ।