ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਰਮੀਤ ਸਿੰਘ ਕਾਲਕਾ ਨੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਚੋਣ ਨਤੀਜਿਆਂ ਵਿੱਚ ਹੋ ਰਹੀ ਦੇਰੀ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ। ਹਾਲਾਂਕਿ, ਪ੍ਰਧਾਨ ਦੇ ਅਹੁਦੇ ਲਈ ਹਰਮੀਤ ਸਿੰਘ ਕਾਲਕਾ ਅਤੇ ਪਰਮਜੀਤ ਸਿੰਘ ਸਰਨਾ ਉਮੀਦਵਾਰ ਸਨ। ਇਸ ਦੇ ਨਾਲ ਹੀ, ਚੇਅਰਮੈਨ ਦੇ ਅਹੁਦੇ ਦੀ ਇਸ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਗੁਰਦੇਵ ਸਿੰਘ ਨੂੰ ਕਾਰਜਕਾਰੀ ਚੇਅਰਮੈਨ ਚੁਣਿਆ ਗਿਆ।
"ਵਿਰੋਧੀ ਪਾਰਟੀਆਂ ਨੇ ਇਤਿਹਾਸ ਨੂੰ ਕਲੰਕਿਤ ਕੀਤਾ"
ਦਰਅਸਲ, ਨਿਯਮ ਦੇ ਤਹਿਤ ਚੇਅਰਮੈਨ ਦੇ ਅਹੁਦੇ ਲਈ ਚੋਣ ਕਰਵਾਉਣ ਲਈ ਇੱਕ ਮੈਂਬਰ ਨੂੰ ਕਾਰਜਕਾਰੀ ਚੇਅਰਮੈਨ ਵਜੋਂ ਚੁਣਿਆ ਜਾਂਦਾ ਹੈ, ਜਿਸ ਦੀ ਨਿਗਰਾਨੀ ਹੇਠ ਚੇਅਰਮੈਨ (ਮੁਖੀ) ਦੇ ਅਹੁਦੇ ਲਈ ਚੋਣ ਪ੍ਰਕਿਰਿਆ ਹੁੰਦੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਹਰਮੀਤ ਸਿੰਘ ਕਾਲਕਾ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ।
ਉਨ੍ਹਾਂ ਕਿਹਾ ਕਿ ਕੱਲ੍ਹ ਜੋ ਵੀ ਹੋਇਆ ਉਹ ਬਹੁਤ ਮੰਦਭਾਗਾ ਸੀ। ਇਸ ਲਈ ਅਸੀਂ ਪ੍ਰਬੰਧਕ ਹੁੰਦਿਆਂ ਪਛਤਾਵੇਂ ਵਜੋਂ 25 ਜਨਵਰੀ ਨੂੰ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸੰਗਤਾਂ ਨੂੰ ਇਸ ਮੌਕੇ ਵੱਧ ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਕੱਲ੍ਹ ਜੋ ਕੀਤਾ, ਉਸ ਨੇ 50 ਸਾਲਾਂ ਦੇ ਇਤਿਹਾਸ ਨੂੰ ਕਲੰਕਿਤ ਕਰ ਦਿੱਤਾ ਹੈ।
"ਚੋਣ ਪ੍ਰਕਿਰਿਆ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਗਈ"
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਵਿਰੋਧੀ ਧਿਰ ਨੇ ਚੋਣ ਪ੍ਰਕਿਰਿਆ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਪੋਲਿੰਗ ਬੂਥ ਅਤੇ ਬੈਲਟ ਪੇਪਰ ਜ਼ਬਤ ਕਰ ਲਏ ਗਏ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੁੜਦੰਗਬਾਜ਼ੀ ਕਰਕੇ ਮਰਿਆਦਾ ਦੀ ਉਲੰਘਣਾ ਕੀਤੀ ਜਿਸ ਕਾਰਨ ਸਾਰੀ ਕੌਮ ਸ਼ਰਮਸਾਰ ਹੋਈ। ਉਨ੍ਹਾਂ ਦੱਸਿਆ ਕਿ ਅਸੀਂ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਵੀਡੀਓ ਪਾ ਕੇ ਸਾਰੀ ਚੋਣ ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ।