ਕਰਨਾਲ: ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼(farmers protest) ਲੰਮੇ ਸਮੇਂ ਤੋਂ ਚੱਲ ਰਿਹਾ ਹੈ। ਜਿਸ ਕਾਰਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਲਗਾਤਾਰ ਭਾਜਪਾ ਅਤੇ ਜੇਜੇਪੀ ਵਰਕਰਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਭਾਜਪਾ ਅਤੇ ਜੇਜੇਪੀ ਵੱਲੋਂ ਕੀਤੇ ਜਾ ਰਹੇ ਹਰ ਪ੍ਰੋਗਰਾਮ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਇਸ ਦੇ ਚੱਲਦਿਆਂ ਅੱਜ ਕਰਨਾਲ ਵਿੱਚ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਕਿਸਾਨਾਂ ਨੇ ਵਿਰੋਧ ਵੀ ਕੀਤਾ।
ਜਿਵੇਂ ਹੀ ਕਿਸਾਨਾਂ ਨੂੰ ਸੂਚਨਾ ਮਿਲੀ ਤਾਂ ਕਿਸਾਨ ਵਿਰੋਧ ਕਰਨ ਲਈ ਇਕੱਠੇ ਹੋਏ ਤਾਂ ਫਿਰ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ 'ਤੇ ਲਾਠੀਚਾਰਜ(karnal farmer lathi charge) ਕੀਤਾ, ਜਿਸ ਕਾਰਨ ਕਈ ਕਿਸਾਨਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ। ਇਸ ਮਾਮਲੇ 'ਤੇ ਹੁਣ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕੰਮ ਵਿੱਚ ਰੁਕਾਵਟ ਲੋਕਤੰਤਰ ਦੇ ਵਿਰੁੱਧ ਹੈ। ਜੇ ਕਿਸਾਨ ਵਿਰੋਧ ਕਰਨਾ ਚਾਹੁੰਦੇ ਸਨ ਤਾਂ ਉਨ੍ਹਾਂ ਨੂੰ ਅਜਿਹਾ ਸ਼ਾਂਤੀਪੂਰਵਕ ਤਰੀਕੇ ਨਾਲ ਕਰਨਾ ਚਾਹੀਦਾ ਸੀ। ਜੇ ਉਹ ਰਾਸ਼ਟਰੀ ਰਾਜਮਾਰਗ ਨੂੰ ਜਾਮ ਕਰਦੇ ਹਨ ਅਤੇ ਪੁਲਿਸ 'ਤੇ ਪੱਥਰਬਾਜ਼ੀ ਕਰਦੇ ਹਨ, ਤਾਂ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੀ ਕਦਮ ਚੁੱਕੇਗੀ। ਅਸੀਂ ਇਸ ਮਾਮਲੇ ਦੀ ਜਾਂਚ ਕਰਾਂਗੇ ਅਤੇ ਲੋੜੀਂਦੀ ਕਾਰਵਾਈ ਕਰਾਂਗੇ।