ਸ਼੍ਰੀਨਗਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਜੰਮੂ-ਕਸ਼ਮੀਰ (Jammu and Kashmir) ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਪਹੁੰਚ ਚੁੱਕੇ ਹਨ। ਧਾਰਾ 370 (Article 370) ਹਟਾਏ ਜਾਣ ਤੋਂ ਬਾਅਦ ਸ਼ਾਹ ਦਾ ਕਸ਼ਮੀਰ ਘਾਟੀ ਦਾ ਇਹ ਪਹਿਲਾ ਦੌਰਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਸਖਤ ਸੁਰੱਖਿਆ ਦੇ ਵਿਚਕਾਰ ਸ਼ਨੀਵਾਰ ਸਵੇਰੇ 10 ਵਜੇ ਸ਼੍ਰੀਨਗਰ ਪਹੁੰਚਣਗੇ। ਉਨ੍ਹਾਂ ਦੀ ਸੁਰੱਖਿਆ ਵਿੱਚ ਸਨਾਈਪਰ ਕੁੱਤੇ, ਡਰੋਨ ਅਤੇ ਸ਼ਾਰਪ ਸ਼ੂਟਰ ਤਾਇਨਾਤ ਕੀਤੇ ਗਏ ਹਨ।
ਦੱਸ ਦਈਏ ਕਿ ਸ਼੍ਰੀਨਗਰ ਪਹੁੰਚਣ ਤੋਂ ਬਾਅਦ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਪੁਲਿਸ ਦੇ ਸ਼ਹੀਦ ਇੰਸਪੈਕਟਰ ਪਰਵੇਜ਼ ਅਹਿਮਦ ਡਾਰ ਦੀ ਪਤਨੀ ਫਾਤਿਮਾ ਅਖਤਰ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਹਵਾਈ ਅੱਡੇ 'ਤੇ ਉਪ ਰਾਜਪਾਲ ਮਨੋਜ ਸਿਨਹਾ ਨੇ ਗ੍ਰਹਿ ਮੰਤਰੀ ਦਾ ਸਵਾਗਤ ਕੀਤਾ।
ਸ਼ਾਹ ਦਾ ਦੌਰਾ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਕਸ਼ਮੀਰ 'ਚ ਅੱਤਵਾਦੀ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਵਾਦੀ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਉੱਚ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ।
ਪ੍ਰੋਗਰਾਮ ਮੁਤਾਬਿਕ ਗ੍ਰਹਿ ਮੰਤਰੀ ਦੌਰੇ ਦੇ ਪਹਿਲੇ ਦਿਨ ਸ਼੍ਰੀਨਗਰ ਅਤੇ ਸ਼ਾਰਜਾਹ ਵਿਚਕਾਰ ਪਹਿਲੀ ਅੰਤਰਰਾਸ਼ਟਰੀ ਉਡਾਣ ਸ਼ੁਰੂ ਕਰਨਗੇ। ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਪਿਛਲੇ ਮਹੀਨੇ ਇਸ ਉਡਾਣ ਦਾ ਐਲਾਨ ਕੀਤਾ ਸੀ ਅਤੇ ਇਹ ਸ਼੍ਰੀਨਗਰ ਅਤੇ ਸ਼ਾਰਜਾਹ ਵਿਚਕਾਰ ਸਿੱਧੀ ਉਡਾਣ ਹੋਵੇਗੀ।
ਸ਼ਾਹ ਨੇ ਜੰਮੂ -ਕਸ਼ਮੀਰ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਵੀ ਕਰਨੀ ਹੈ। ਉਹ ਯੂਨੀਫਾਈਡ ਕਮਾਂਡ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਕਰਨਗੇ, ਜਿਸ ਵਿੱਚ ਜੰਮੂ -ਕਸ਼ਮੀਰ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਘੁਸਪੈਠ ਦੀਆਂ ਘਟਨਾਵਾਂ 'ਚ ਵਾਧੇ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।