ਹਰਿਆਣਾ/ ਕੁਰੂਕਸ਼ੇਤਰ: ਕੱਲ੍ਹ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੇਵੀਂ ਪਾਤਸ਼ਾਹੀ ਕੁਰੂਕਸ਼ੇਤਰ ਵਿੱਚ ਸੇਵਾ ਸੰਭਾਲ ਲਈ ਹੈ। ਜਿਸ ਵਿੱਚ ਹਰਿਆਣਾ ਕਮੇਟੀ ਨੇ ਦਰਬਾਰ ਸਾਹਿਬ ਦੀ ਗੋਲਕ ਦੇ ਜਿੰਦੇ (ਤਾਲੇ) ਤੋੜ ਕੇ ਆਪਣੇ ਤਾਲੇ ਲਗਾਏ ਸਨ। ਜਿਸ ਤੋਂ ਬਾਅਦ ਐਸਜੀਪੀਸੀ ਨੇ ਵਿਰੋਧ ਦਰਜ ਕਰਵਾਇਆ ਸੀ ਅਤੇ ਇਸ ਨੂੰ ਬੇਅਦਬੀ ਕਰਾਰ ਦਿੱਤਾ ਸੀ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈੱਸ ਕਾਨਫਰੰਸ ਕਰਕੇ ਹਰਿਆਣਾ ਸਰਕਾਰ ਅਤੇ ਹਰਿਆਣਾ ਕਮੇਟੀ ਨੂੰ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਹਰ ਲੜਾਈ ਲੜਨ ਲਈ ਤਿਆਰ ਹੈ।
ਕੁਝ ਸਮਾਂ ਪਹਿਲਾਂ ਜਦੋਂ ਦੋਵੇਂ ਦਰਬਾਰ ਸਾਹਿਬ ਪੁੱਜੇ ਤਾਂ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਅਤੇ ਹੱਥੋਪਾਈ ਹੋ ਗਈ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਅਤੇ ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਵੀ ਹਾਜ਼ਰ ਸਨ। ਬਾਅਦ 'ਚ ਪੁਲਿਸ ਨੇ ਦਰਬਾਰ ਸਾਹਿਬ 'ਚੋਂ ਸ਼੍ਰੋਮਣੀ ਕਮੇਟੀ ਨੂੰ ਬਾਹਰ ਕੱਢੀਆ। ਉਹ ਕੁਝ ਲੋਕਾਂ ਨੂੰ ਗ੍ਰਿਫਤਾਰ ਕਰਕੇ ਆਪਣੇ ਨਾਲ ਲੈ ਗਏ। ਸ਼ਾਮ 5 ਵਜੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਹੈੱਡ ਕੁਆਟਰ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ, ਜਿੱਥੋਂ ਵੱਡੇ ਫੈਸਲੇ ਲਏ ਜਾ ਸਕਦੇ ਹਨ।