ਮੁੰਬਈ: ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ 'ਚ ਵੀਰਵਾਰ ਨੂੰ ਵਿਰੋਧੀ ਪਾਰਟੀਆਂ ਦੇ ਗਠਜੋੜ I.N.D.I.A. ਪਹਿਲੇ ਦਿਨ ਦੀ ਮੀਟਿੰਗ ਹੋਈ ਤੇ ਅੱਜ ਮੀਟਿੰਗ ਦਾ ਦੂਜਾ ਦਿਨ ਹੋਵੇਗਾ। ਅੱਜ ਦੀ ਬੈਠਕ 'ਚ ਸੰਸਦ ਦੇ ਵਿਸ਼ੇਸ਼ ਸੈਸ਼ਨ 'ਤੇ ਚਰਚਾ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਸ ਦੇ ਨਾਲ ਹੀ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਬੈਠਕ 'ਚ ਸੀਟਾਂ ਦੀ ਵੰਡ ਦੀ ਰੂਪ ਰੇਖਾ 'ਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਤਾਲਮੇਲ ਕਮੇਟੀ ਵਿੱਚ ਸ਼ਾਮਲ ਕਰਨ ਲਈ ਸੂਚੀ ਵੀ ਮੰਗੀ ਗਈ ਹੈ।
ਕਈ ਵੱਡੇ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ:ਦੱਸ ਦਈਏ ਕਿ ਬੈਠਕ 'ਚ I.N.D.I.A. ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨ 'ਤੇ ਚਰਚਾ ਕੀਤੀ ਗਈ। ਗਠਜੋੜ ਦੀਆਂ ਸੰਘਟਕ ਪਾਰਟੀਆਂ ਨੇ ਭਾਜਪਾ ਖ਼ਿਲਾਫ਼ ਮਾਹੌਲ ਬਣਾਉਣ ਬਾਰੇ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਊਧਵ ਠਾਕਰੇ ਵੱਲੋਂ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਅੱਜ ਦੀ ਮੀਟਿੰਗ ਦੇ ਏਜੰਡੇ 'ਤੇ ਚਰਚਾ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਅੱਜ ਦੀ ਮੀਟਿੰਗ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਫੈਸਲਾ ਲਿਆ ਜਾ ਸਕਦਾ ਹੈ।
ਇਸ ਸਬੰਧ 'ਚ ਕਾਂਗਰਸ ਨੇਤਾ ਪ੍ਰਿਥਵੀਰਾਜ ਚਵਾਨ ਨੇ ਕਿਹਾ ਕਿ ਗਠਜੋੜ ਦੇ ਨੇਤਾ ਸ਼ੁੱਕਰਵਾਰ ਨੂੰ ਹੋਣ ਵਾਲੀ ਬੈਠਕ 'ਚ ਸੀਟਾਂ ਦੀ ਵੰਡ, ਤਾਲਮੇਲ ਕਮੇਟੀ ਅਤੇ ਸਾਂਝੇ ਘੱਟੋ-ਘੱਟ ਪ੍ਰੋਗਰਾਮ ਦੀ ਰੂਪ ਰੇਖਾ 'ਤੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਾ ਤਜਰਬਾ 1977 ਵਿਚ ਵੀ ਕੀਤਾ ਗਿਆ ਸੀ ਅਤੇ ਇਹ ਵੀ ਅਜਿਹਾ ਹੀ ਯਤਨ ਹੈ। 1977 ਵਿੱਚ, ਵਿਰੋਧੀ ਪਾਰਟੀਆਂ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਦਾ ਮੁਕਾਬਲਾ ਕਰਨ ਲਈ ਇੱਕਠੇ ਹੋ ਗਈਆਂ।
ਦੱਸ ਦੇਈਏ ਕਿ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਪ੍ਰੈੱਸ ਕਾਨਫਰੰਸ 'ਚ ਅਡਾਨੀ ਗਰੁੱਪ ਦਾ ਮੁੱਦਾ ਚੁੱਕਿਆ ਸੀ। ਰਾਹੁਲ ਗਾਂਧੀ ਨੂੰ ਸ਼ਿਵ ਸੈਨਾ (UBT) ਨੇਤਾਵਾਂ ਆਦਿਤਿਆ ਠਾਕਰੇ ਅਤੇ ਸੰਜੇ ਰਾਉਤ ਅਤੇ NCP ਸੰਸਦ ਮੈਂਬਰ ਸੁਪ੍ਰੀਆ ਸੁਲੇ ਅਤੇ ਹੋਰ ਨੇਤਾਵਾਂ ਨਾਲ ਗੱਲਬਾਤ ਕਰਦੇ ਦੇਖਿਆ ਗਿਆ। ਊਧਵ ਠਾਕਰੇ ਅਤੇ ਐੱਨਸੀਪੀ ਪ੍ਰਧਾਨ ਸ਼ਰਦ ਪਵਾਰ ਵੀ ਇੱਕ ਦੂਜੇ ਨਾਲ ਅਰਾਮਦੇਹ ਢੰਗ ਨਾਲ ਗੱਲਬਾਤ ਕਰਦੇ ਨਜ਼ਰ ਆਏ। ਦੱਸਿਆ ਜਾ ਰਿਹਾ ਹੈ ਕਿ ਬੈਠਕ 'ਚ ਸ਼ਾਮਲ ਹੋਣ ਲਈ ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਵੱਡੇ ਨੇਤਾ ਇੱਥੇ ਪਹੁੰਚ ਚੁੱਕੇ ਹਨ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਅਤੇ ਉਨ੍ਹਾਂ ਦੇ ਪਿਤਾ ਅਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਿਰਕਤ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਰਾਸ਼ਟਰੀ ਲੋਕ ਦਲ ਦੇ ਮੁਖੀ ਜਯੰਤ ਚੌਧਰੀ ਅਤੇ ਹੋਰ ਨੇਤਾ ਵੀ ਵੀਰਵਾਰ ਨੂੰ ਮੁੰਬਈ ਪਹੁੰਚੇ।