ਨਵੀਂ ਦਿੱਲੀ:ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਨੂੰ ਲੈ ਕੇ ਦੇਸ਼ ਭਰ ਵਿੱਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਇਹ ਪ੍ਰਦਰਸ਼ਨ ਹਿੰਸਕ ਹੁੰਦੇ ਵੀ ਦੇਖੇ ਗਏ ਹਨ। ਫਿਲਹਾਲ ਬਿਹਾਰ ਬੰਦ ਦੇ ਸੱਦੇ 'ਤੇ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀ ਸੰਗਠਨਾਂ ਦੇ ਸੱਦੇ ਤੋਂ ਬਾਅਦ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਦੇਸ਼ ਦੇ ਸਾਰੇ ਰਾਜਾਂ 'ਚ ਪ੍ਰਸ਼ਾਸਨ ਨੇ ਸੁਰੱਖਿਆ ਵਿਵਸਥਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਦੇਸ਼ ਭਰ 'ਚ ਅਗਨੀਪਥ ਯੋਜਨਾ ਦਾ ਵਿਰੋਧ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਈ ਰਾਜਾਂ ਵਿੱਚ ਹਜ਼ਾਰਾਂ ਨੌਜਵਾਨ ਇਸ ਯੋਜਨਾ ਦਾ ਵਿਰੋਧ ਕਰਦੇ ਨਜ਼ਰ ਆ ਰਹੇ ਹਨ।
ਅਗਨੀਪਥ ਯੋਜਨਾ ਨੂੰ ਲੈ ਕੇ ਐਤਵਾਰ ਨੂੰ ਤਿੰਨਾਂ ਸੈਨਾਵਾਂ ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਅਗਨੀਪੱਥ ਸਕੀਮ ਦੇ ਲਾਭ ਦੱਸੇ ਗਏ। ਉੱਥੇ ਹੀ ਹੁਣ ਪ੍ਰਦਰਸ਼ਨਕਾਰੀ ਨੌਜਵਾਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕਰ ਦਿੱਤਾ ਹੈ। ਭਾਰਤ ਬੰਦ ਦੇ ਐਲਾਨ ਦੇ ਮੱਦੇਨਜ਼ਰ ਆਰਪੀਐਫ ਅਤੇ ਜੀਆਰਪੀ ਹਾਈ ਅਲਰਟ 'ਤੇ ਹੈ। ਇਸ ਲਈ ਆਰਪੀਐਫ ਦੇ ਸੀਨੀਅਰ ਅਧਿਕਾਰੀਆਂ ਨੇ ਹਿੰਸਾ ਵਿੱਚ ਸ਼ਾਮਲ ਪ੍ਰਦਰਸ਼ਨਕਾਰੀਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਹੁਕਮ ਦਿੱਤੇ ਹਨ। ਹੁਕਮਾਂ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।
ਭਾਰਤ ਬੰਦ ਦੇ ਐਲਾਨ ਤੋਂ ਬਾਅਦ ਆਰਪੀਐਫ ਅਤੇ ਜੀਆਰਪੀ ਅਧਿਕਾਰੀਆਂ ਨੇ ਕਿਹਾ ਹੈ ਕਿ ਹਰ ਕੋਨੇ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਜੇਕਰ ਕੋਈ ਪ੍ਰਦਰਸ਼ਨਕਾਰੀ ਹਿੰਸਾ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਭਾਰਤ ਬੰਦ ਦੌਰਾਨ ਹਰ ਗਤੀਵਿਧੀ 'ਤੇ ਸਾਵਧਾਨੀ ਨਾਲ ਨਜ਼ਰ ਰੱਖੀ ਜਾਵੇਗੀ। ਇਸ ਦੇ ਨਾਲ ਹੀ ਮੋਬਾਈਲ, ਕੈਮਰੇ, ਸੀਸੀਟੀਵੀ ਰਾਹੀਂ ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਡਿਜੀਟਲ ਸਬੂਤ ਇਕੱਠੇ ਕਰਨ ਦੇ ਹੁਕਮ ਦਿੱਤੇ ਗਏ ਹਨ।