ਨਵੀਂ ਦਿੱਲੀ: ਕੈਨੇਡਾ ਵਿੱਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ਵਿੱਚ ਭਾਰਤ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸਰਕਾਰ ਨੇ ਪਹਿਲਾਂ ਕੈਨੇਡੀਅਨ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਫਿਰ ਉਸ ਨੂੰ ਦੇਸ਼ ਤੋਂ ਬਾਹਰ ਕੱਢ ਦਿੱਤਾ। ਨਾਲ ਹੀ ਪੰਜ ਦਿਨਾਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Prime Minister Justin Trudeau) ਦੇ ਇਲਜ਼ਾਮਾਂ ਨੂੰ ਰੱਦ ਕਰ ਦਿੱਤਾ ਸੀ।
ਪੰਜ ਦਿਨਾਂ ਵਿੱਚ ਭਾਰਤ ਛੱਡਣ ਦਾ ਹੁਕਮ: ਵਿਦੇਸ਼ ਮੰਤਰਾਲੇ (MEA) ਨੇ ਇੱਕ ਬਿਆਨ ਵਿੱਚ ਇਲਜ਼ਾਮਾਂ ਨੂੰ 'ਬੇਤੁਕਾ' ਅਤੇ 'ਪ੍ਰੇਰਿਤ' ਦੱਸਿਆ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ, 'ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਬਿਆਨ ਉਨ੍ਹਾਂ ਦੀ ਸੰਸਦ ਵਿੱਚ ਦੇਖਿਆ ਹੈ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਦੇ ਬਿਆਨ ਨੂੰ ਵੀ ਰੱਦ ਕਰ ਦਿੱਤਾ ਹੈ।' ਇਸੇ ਘਟਨਾਕ੍ਰਮ ਵਿੱਚ, ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ, 'ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਅੱਜ ਤਲਬ ਕੀਤਾ ਗਿਆ ਅਤੇ ਭਾਰਤ ਵਿੱਚ ਸਥਿਤ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਬਾਰੇ ਜਾਣਕਾਰੀ ਦਿੱਤੀ ਗਈ। ਸਬੰਧਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ।
ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ: ਇਹ ਫੈਸਲਾ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿੱਚ ਕੈਨੇਡੀਅਨ ਡਿਪਲੋਮੈਟਾਂ ਦੀ ਦਖਲਅੰਦਾਜ਼ੀ (Intervention of Canadian diplomats) ਅਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਲੈ ਕੇ ਭਾਰਤ ਸਰਕਾਰ ਦੀ ਵੱਧ ਰਹੀ ਚਿੰਤਾ ਨੂੰ ਦਰਸਾਉਂਦਾ ਹੈ। ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨੂੰ ਵਿਦੇਸ਼ ਮੰਤਰਾਲੇ ਨੇ ਤਲਬ ਕੀਤਾ ਸੀ। ਇਸ ਤੋਂ ਬਾਅਦ ਹਾਈ ਕਮਿਸ਼ਨਰ ਕੈਮਰਨ ਮੈਕੀ ਨਵੀਂ ਦਿੱਲੀ ਦੇ ਸਾਊਥ ਬਲਾਕ ਸਥਿਤ ਵਿਦੇਸ਼ ਮੰਤਰਾਲੇ ਦੇ ਮੁੱਖ ਦਫ਼ਤਰ ਪੁੱਜੇ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕੈਨੇਡਾ ਨੇ ਇੱਕ ਚੋਟੀ ਦੇ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਸੀ।
ਪ੍ਰਧਾਨ ਮੰਤਰੀ ਟਰੂਡੋ ਵੱਲੋਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਭਾਰਤੀ ਦੀ ਸ਼ਮੂਲੀਅਤ ਦਾ ਦਾਅਵਾ ਕੀਤੇ ਜਾਣ ਤੋਂ ਬਾਅਦ ਕੈਨੇਡਾ ਵੱਲੋਂ ਇੱਕ ਭਾਰਤੀ ਡਿਪਲੋਮੈਟ ਨੂੰ ਕੱਢੇ ਜਾਣ 'ਤੇ ਕੈਨੇਡਾ ਦੀ ਕਾਰਲਟਨ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਵਿਦੇਸ਼ ਨੀਤੀ ਦੇ ਮਾਹਿਰ ਵਿਵੇਕ ਦੇਹੀਆ ਨੇ ਕਿਹਾ, 'ਮੈਂ ਪੂਰੀ ਤਰ੍ਹਾਂ ਹੈਰਾਨ ਅਤੇ ਦੰਗ ਰਹਿ ਗਿਆ, ਜਦੋਂ ਮੈਂ ਦੇਖਿਆ ਇਹ ਅਸਲ ਵਿੱਚ ਕੈਨੇਡਾ ਵਿੱਚ ਸੰਸਦੀ ਸੈਸ਼ਨ ਦੇ ਪਹਿਲੇ ਦਿਨ ਟਰੂਡੋ ਵੱਲੋਂ ਸੁੱਟਿਆ ਗਿਆ ਬੰਬ ਸੀ।
ਨਿੱਝਰ ਭਾਰਤ ਵਿੱਚ ਲੋੜੀਂਦਾ ਸੀ: ਮੀਡੀਆ ਰਿਪੋਰਟਾਂ ਅਨੁਸਾਰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਕੈਨੇਡਾ ਵਿੱਚ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦਾ ਇਲਜ਼ਾਮ ਲਾਇਆ। ਨਿੱਝਰ ਭਾਰਤ ਵਿੱਚ ਲੋੜੀਂਦਾ ਸੀ। 18 ਜੂਨ ਨੂੰ ਨਿੱਝਰ ਦੀ ਕੈਨੇਡਾ ਦੇ ਪਾਰਕਿੰਗ ਏਰੀਏ ਨਾਲ ਲੱਗਦੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਜਲੰਧਰ ਦੇ ਪਿੰਡ ਭਾਰ ਸਿੰਘਪੁਰ ਦਾ ਰਹਿਣ ਵਾਲਾ ਨਿੱਝਰ ਕੈਨੇਡਾ ਵਿੱਚ ਰਹਿੰਦਾ ਸੀ ਅਤੇ ਉਸ ਨੂੰ ਐੱਨਆਈਏ ਨੇ ਭਗੌੜਾ ਕਰਾਰ ਦਿੱਤਾ ਸੀ।