ਹਿਮਾਚਲ ਪ੍ਰਦੇਸ਼/ਮੰਡੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੜ੍ਹਾਂ ਦੇ ਮੁੱਦੇ 'ਤੇ ਦਿੱਤੇ ਵਿਵਾਦਤ ਬਿਆਨ 'ਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਸੀਐਮ ਅਤੇ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਨੇ ਕਰਾਰਾ ਜਵਾਬ ਦਿੱਤਾ ਹੈ। ਜੈਰਾਮ ਠਾਕੁਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਸੰਵਿਧਾਨਕ ਅਹੁਦੇ ਦੀ ਮਾਣ-ਮਰਿਆਦਾ ਬਰਕਰਾਰ ਰੱਖਣ ਦੀ ਸਲਾਹ ਦਿੱਤੀ ਹੈ। ਜੈਰਾਮ ਠਾਕੁਰ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਕਲਾਕਾਰ ਸਨ ਤਾਂ ਇਸ ਤਰ੍ਹਾਂ ਦੀ ਗੱਲ ਕਰਨੀ ਠੀਕ ਸੀ ਪਰ ਹੁਣ ਭਗਵੰਤ ਮਾਨ ਸੰਵਿਧਾਨਕ ਅਹੁਦੇ 'ਤੇ ਹਨ।
ਜੈਰਾਮ ਠਾਕੁਰ ਨੇ ਕਿਹਾ ਕਿ ਭਾਰਤ ਦੇ ਕਿਸੇ ਵੀ ਸੂਬੇ ਦੇ ਲੋਕਾਂ ਵੱਲੋਂ ਇਸ ਤਰ੍ਹਾਂ ਦੀ ਵਿਵਾਦਿਤ ਟਿੱਪਣੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਟਿੱਪਣੀ ਨਾਲ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਿਮਾਚਲ ਪ੍ਰਦੇਸ਼ ਬਾਰੇ ਵਿਵਾਦਤ ਟਿੱਪਣੀ ਕਰਨ ਤੋਂ ਬਾਅਦ ਅਜਿਹੇ ਵਿਅਕਤੀ ਦੇ ਸੰਵਿਧਾਨਕ ਅਹੁਦੇ 'ਤੇ ਬੈਠੇ ਹੋਣ 'ਤੇ ਵੀ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਹੋ ਗਿਆ ਹੈ।