ਸ਼੍ਰੀਨਗਰ: ਦੇਸ਼ ਦੇ ਕਈ ਇਲਾਕਿਆਂ 'ਚ ਠੰਡ ਦਾ ਅਸਰ ਕੁਝ ਘੱਟ ਹੋਇਆ ਹੈ। ਮੈਦਾਨੀ ਇਲਾਕਿਆਂ 'ਚ ਇਨ੍ਹੀਂ ਦਿਨੀਂ ਸੂਰਜ ਚਮਕ ਰਿਹਾ ਹੈ, ਉਥੇ ਹੀ ਜੰਮੂ-ਕਸ਼ਮੀਰ 'ਚ ਇਨ੍ਹੀਂ ਦਿਨੀਂ ਮੌਸਮ ਸੁਹਾਵਣਾ ਹੋ ਗਿਆ ਹੈ। ਬਰਫੀਲੀ ਚਾਦਰ 'ਤੇ ਸੂਰਜ ਦੀਆਂ ਕਿਰਨਾਂ ਇਸ ਦੀ ਸੁੰਦਰਤਾ ਨੂੰ ਵਧਾ ਰਹੀਆਂ ਹਨ। ਜੰਮੂ-ਕਸ਼ਮੀਰ 'ਚ ਮੌਸਮ ਖੁੱਲ੍ਹਣ ਤੋਂ ਬਾਅਦ ਵੱਖ-ਵੱਖ ਹਿੱਸਿਆਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿੱਥੇ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ।
ਹਾਲਾਂਕਿ ਕਸ਼ਮੀਰ 'ਚ ਸ਼ੀਤ ਲਹਿਰ ਦੇ ਤੇਜ਼ ਹੋਣ ਕਾਰਨ ਠੰਡ ਵਧ ਗਈ ਹੈ ਅਤੇ ਘਾਟੀ 'ਚ ਆਸਮਾਨ ਸਾਫ ਹੋਣ ਕਾਰਨ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਵੀ ਹੇਠਾਂ ਚਲਾ ਗਿਆ ਹੈ। ਮੌਸਮ ਵਿਭਾਗ ਨੇ ਵੀਰਵਾਰ ਤੋਂ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ। ਅਧਿਕਾਰੀਆਂ ਮੁਤਾਬਕ ਮੰਗਲਵਾਰ ਰਾਤ ਨੂੰ ਸ਼੍ਰੀਨਗਰ ਦਾ ਘੱਟੋ-ਘੱਟ ਤਾਪਮਾਨ ਮਨਫੀ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੀ ਰਾਤ ਤੋਂ ਹੇਠਾਂ 2.7 ਡਿਗਰੀ ਸੈਲਸੀਅਸ ਸੀ।
ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਡਿਗਰੀ ਘੱਟ ਸੀ, ਘਾਟੀ ਦੇ ਪ੍ਰਵੇਸ਼ ਦੁਆਰ ਕਾਜ਼ੀਗੁੰਡ ਦਾ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 7.4 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ, ਜੋ ਆਮ ਨਾਲੋਂ 4.1 ਡਿਗਰੀ ਘੱਟ ਹੈ। ਦੱਖਣੀ ਕਸ਼ਮੀਰ ਦੇ ਕੋਕਰਨਾਗ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹੇ ਕੁਪਵਾੜਾ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 6.2 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਅੱਠ ਡਿਗਰੀ ਘੱਟ ਹੈ।