ਚੰਡੀਗੜ੍ਹ:ਡੇਰਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੁਣ ਹੋਰ ਵੀ ਵੱਧ ਗਈਆਂ ਹਨ। ਰਾਮ ਰਹੀਮ ਨੂੰ ਡੇਰਾ ਪ੍ਰੇਮੀ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਨੂੰ ਇਸ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਹਾਲਾਂਕਿ ਰਾਮ ਰਹੀਮ ਬਲਾਤਕਾਰ ਅਤੇ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਪਹਿਲਾਂ ਤੋਂ ਹੀ ਸਜ਼ਾ ਭੁਗਤ ਰਿਹਾ ਹੈ।
ਉੱਥੇ ਹੀ ਫੈਸਲੇ ਤੋਂ ਬਾਅਦ ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਇੱਕ ਈਮੇਲ ਰਾਹੀ ਧਮਕੀ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਜਦੋ ਇਸ ਸਬੰਧੀ ਸੀਬੀਆਈ ਦੇ ਵਿਸ਼ੇਸ਼ ਜੱਜ ਨੇ ਗੁਰਮੀਤ ਰਾਮ ਰਹੀਮ ਤੋਂ ਇਸ ਸਬੰਧੀ ਪੁੱਛਿਆ ਤਾਂ ਉਸਨੇ ਇਸ ਸਬੰਧੀ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕਰ ਦਿੱਤਾ।
ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਈਮੇਲ ਆ ਚੁੱਕੀਆਂ ਸਨ ਜਿਨ੍ਹਾਂ ’ਚ ਗਵਾਹੀਆਂ ਬਾਰੇ ਵੀ ਜਿਕਰ ਕੀਤਾ ਗਿਆ ਹੈ। ਜਦੋ ਵੀ ਇਸ ਸਬੰਧੀ ਰਾਮ ਰਹੀਮ ਤੋਂ ਪੁੱਛਿਆ ਗਿਆ ਤਾਂ ਉਸ ਨੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ।
ਰਾਮ ਰਹੀਮ ਨੂੰ 31 ਲੱਖ ਰੁਪਏ ਦਾ ਜੁਰਮਾਨਾ
ਤਕਰੀਬਨ 19 ਸਾਲਾਂ ਬਾਅਦ ਮ੍ਰਿਤ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ ਮਿਲਿਆ ਹੈ। ਅਦਾਲਤ ਨੇ ਗੁਰਮੀਤ ਰਾਮ ਰਹੀਮ ਅਤੇ 4 ਹੋਰ ਮੁਲਜ਼ਮਾਂ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਰਾਮ ਰਹੀਮ ’ਤੇ 31 ਲੱਖ ਰੁਪਏ ਅਤੇ ਬਾਕੀ ਮੁਲਜ਼ਮਾਂ ’ਤੇ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।