ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਮਾਣਹਾਨੀ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਹੁਣ ਕੰਗਨਾ ਨੂੰ 14 ਜੁਲਾਈ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ। ਦਰਅਸਲ ਕੰਗਨਾ ਨੇ ਆਪਣੇ ਖਿਲਾਫ ਚੱਲ ਰਹੇ ਮਾਣਹਾਨੀ ਦੇ ਕੇਸ ਨੂੰ ਰੱਦ ਕਰਨ ਲਈ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਹੇਠਲੀ ਅਦਾਲਤ ਨੂੰ ਹੁਕਮ ਦਿੱਤਾ ਹੈ ਕਿ ਜਦੋਂ ਤੱਕ ਹਾਈਕੋਰਟ 'ਚ ਅਗਲੀ ਸੁਣਵਾਈ ਨਹੀਂ ਹੁੰਦੀ ਉਦੋਂ ਤੱਕ ਮਾਮਲੇ ਦੀ ਸੁਣਵਾਈ ਨਾ ਕੀਤੀ ਜਾਵੇ।
ਇਸ ਮਾਮਲੇ ਦੀ ਅਗਲੀ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ 8 ਸਤੰਬਰ ਨੂੰ ਹੋਵੇਗੀ। ਹੁਣ ਕੰਗਨਾ ਨੂੰ ਅਗਲੀ 14 ਜੁਲਾਈ ਨੂੰ ਬਠਿੰਡਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਨਹੀਂ ਹੋਣਾ ਪਵੇਗਾ। ਕੰਗਨਾ ਦੇ ਵਕੀਲ ਅਭਿਨਵ ਸੂਦ ਨੇ ਕਿਹਾ ਹੈ ਕਿ ਕੰਗਨਾ ਦੇ ਖਿਲਾਫ ਮਾਣਹਾਨੀ ਦਾ ਕੇਸ ਖਾਰਜ ਕੀਤਾ ਜਾਣਾ ਚਾਹੀਦਾ ਹੈ। ਤੁਹਾਨੂੰ ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਬਠਿੰਡਾ ਦੀ ਮਹਿੰਦਰ ਕੌਰ ਦੀ ਫੋਟੋ ਪੋਸਟ ਕੀਤੀ ਸੀ।